ਕਿਹਾ, ਪੰਜਾਬ ਨੂੰ ਮੁੜ ਖੇਡਾਂ ਦੇ ਨਕਸ਼ੇ ਉੱਤੇ ਚਮਕਾਉਣਾ ਚਾਹੁੰਦੀ ਹੈ ਸੂਬਾ ਸਰਕਾਰ
ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਕੀਲ੍ਹੇ ਦਰਸ਼ਕ
ਸੁਖਜਿੰਦਰ ਮਾਨ
ਬਠਿੰਡਾ, 11 ਨਵੰਬਰ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਲਗਾਤਾਰ ਹੰਭਲੇ ਮਾਰੇ ਜਾ ਰਹੇ ਹਨ। ਇਸੇ ਲੜੀ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਤੇ ਵਿਰਾਸਤ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾਂ ਖੇਡ ਤੇ ਯੁਵਕ ਸੇਵਾਵਾਂ ਮੰਤਰੀ, ਪੰਜਾਬ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀਂ ਖੇਡ ਸਟੇਡੀਅਮ ਵਿਖੇ ਜਸ਼ਨ-ਏ-ਵਿਰਾਸਤ ਸਮਾਗਮ ਮੌਕੇ ਕੀਤਾ ਗਿਆ। ਇਸ ਮੌਕੇ ਖੇਡ ਮੰਤਰੀ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬੋਲਦਿਆਂ ਕਿਹਾ ਕਿ ਅਸੀਂ ਪੰਜਾਬ ਨੂੰ ਮੁੜ ਖੇਡਾਂ ਦੇ ਨਕਸ਼ੇ ਉੱਤੇ ਚਮਕਾਉਣਾ ਚਾਹੁੰਦੇ ਹਾਂ, ਜਿਸ ਲਈ ਜ਼ਮੀਨੀ ਪੱਧਰ ਉੱਤੇ ਖੇਡ ਸਹੂਲਤਾਂ ਨੂੰ ਦੇਖ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਵਿੱਚ ਬਿਹਤਰ ਨਤੀਜਿਆਂ ਲਈ ਹੇਠਲੇ ਪੱਧਰ ਉੱਤੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਵਧੀਆ ਖਿਡਾਰੀਆਂ ਦੀ ਚੋਣ ਕਰਕੇ ਉਨ੍ਹਾਂ ਨੂੰ ਆਪਣੀ ਖੇਡ ਦਾ ਵਧੀਆ ਪ੍ਰਦਰਸ਼ਨ ਕਰਨ ਦਾ ਮੌਕਾ ਮਿਲ ਸਕੇ।
ਇਸ ਮੌਕੇ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਆਪਣੀ ਗਾਇਕੀ ਨਾਲ ਦਰਸ਼ਕਾਂ ਨੂੰ ਕੀਲਿਆ ਅਤੇ ਪ੍ਰਸਿੱਧ ਕਮੇਡੀਅਨ ਸੰਜੀਵ ਅੱਤਰੀ ਨੇ ਦਰਸ਼ਕਾਂ ਨੂੰ ਲੋਟ-ਪੋਟ ਕੀਤਾ ਤੇ ਪ੍ਰਸਿੱਧ ਐਂਕਰ, ਕਲਰਸ ਟੀਵੀ ਦੀ ਨਿੰਮੋ (ਅਮਨ) ਤੇ ਪਰਮ ਵੀ ਵਿਸ਼ੇਸ਼ ਤੌਰ ਤੇ ਆਪਣੀ ਕਲਾ ਦੇ ਜੌਹਰ ਵੀ ਦਿਖਾਏ। ਇਸ ਮੌਕੇ ਵਿਧਾਇਕ ਬਠਿੰਡਾ ਦਿਹਾਤੀ ਸ਼੍ਰੀ ਅਮਿੱਤ ਰਤਨ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਵਿਧਾਇਕ ਲੰਬੀ ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ, ਜਸ਼ਨ-ਏ-ਵਿਰਾਸਤ ਪ੍ਰੋਗਰਾਮ ਦੇ ਮੁੱਖੀ ਤੇ ਉੱਘੇ ਸਮਾਜ ਸੇਵੀ ਸ਼੍ਰੀ ਅਮਰਜੀਤ ਮਹਿਤਾ, ਆਪ ਦੇ ਬੁਲਾਰੇ ਤੇ ਜੁਆਇੰਟ ਸੈਕਟਰੀ ਸ਼੍ਰੀ ਨੀਲ ਗਰਗ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਅਮ੍ਰਿਤ ਲਾਲ ਅਗਰਵਾਲ, ਟ੍ਰੇਡ ਵਿੰਗ ਦੇ ਚੇਅਰਮੈਨ ਸ਼੍ਰੀ ਅਨਿਲ ਠਾਕੁਰ, ਆਪ ਆਗੂ ਮਹਿਲਾ ਮਨਦੀਪ ਕੌਰ, ਐਮਸੀ ਸੁਖਦੀਪ ਸਿੰਘ ਢਿਲੋਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਐਸਐਸਪੀ ਸ਼੍ਰੀ ਜੇ. ਇਲਨਚੇਲੀਅਨ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਅਤੇ ਉਪ ਮੰਡਲ ਮੈਜਿਸਟਰੇਟ ਬਠਿੰਡਾ ਸ੍ਰੀਮਤੀ ਇਨਾਯਤ ਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਦਰਸ਼ਕ ਮੌਜੂਦ ਸਨ।
Share the post "ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸੂਬਾ ਸਰਕਾਰ ਵਲੋਂ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ : ਮੀਤ ਹੇਅਰ"