ਗਰੀਬ ਕਲਿਆਣਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਿਆ ਜਾਵੇ ਲਾਹਾ : ਡਿਪਟੀ ਕਮਿਸ਼ਨਰ
ਅਧਿਕਾਰੀਆਂ ਨੇ ਆਪੋ-ਆਪਣੇ ਵਿਭਾਗ ਨਾਲ ਸਬੰਧਤ ਯੋਜਨਾਵਾਂ ਬਾਰੇ ਦਿੱਤੀ ਵਡਮੁੱਲੀ ਜਾਣਕਾਰੀ
ਸੁਖਜਿੰਦਰ ਮਾਨ
ਬਠਿੰਡਾ, 31 ਮਈ : ਮੁਲਕ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਮਨਾਏ ਜਾ ਰਹੇ ਆਜ਼ਾਦੀ ਦੇ 75ਵੇਂ ਅੰਮਿ੍ਰਤ ਮਹਾਂਉਤਸਵ ਤਹਿਤ ਕਰਵਾਏ ਗਏ ਵਰਚੂਅਲ ਗਰੀਬ ਕਲਿਆਣ ਸੰਮੇਲਨ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਅਧਿਕਾਰੀਆਂ ਨੂੰ ਕਿਹਾ ਕਿ ਗਰੀਬ ਕਲਿਆਣਕਾਰੀ ਸਕੀਮਾਂ ਬਾਰੇ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਜਾਣੂ ਕਰਵਾਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਲਾਹਾ ਦੇਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਇਨ੍ਹਾਂ ਗਰੀਬ ਕਲਿਆਣਕਾਰੀ ਸਕੀਮਾਂ ਤੋਂ ਵਾਂਝਾ ਨਾ ਰਹੇ। ਇਸ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਆਰ.ਪੀ.ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਸ਼੍ਰੀ ਜਸਪ੍ਰੀਤ ਸਿੰਘ ਕਾਹਲੋਂ, ਜਲ ਸਪਲਾਈ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ਼੍ਰੀ ਮਨਪ੍ਰੀਤ ਅਰਸ਼ੀ, ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਅਤੇ ਵਾਈਸ ਚੇਅਰਮੈਨ, ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਟ ਦੇ ਡਿਪਟੀ ਡਾਇਰੈਕਟਰ ਸ਼੍ਰੀ ਹਰਪਾਲ ਸਿੰਘ ਆਦਿ ਪ੍ਰਮੁੱਖ ਸ਼ਖਸੀਅਤਾਂ ਅਤੇ ਅਧਿਕਾਰੀ ਸ਼ਾਮਲ ਸਨ।
ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਆਮ ਲੋਕਾਂ ਦੀ ਸ਼ਮੂਲੀਅਤ ਲਈ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਟ ਦਿਓਣ ਵਿਖੇ ਪ੍ਰਧਾਨ ਮੰਤਰੀ ਦੇ ਸਿੱਧੇ ਪ੍ਰਸਾਰਣ ਨੂੰ ਦਿਖਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਇਸ ਵਰਚੂਅਲ ਸਮਾਗਮ ਦੌਰਾਨ ਗਰੀਬ ਕਲਿਆਣਕਾਰੀ ਸਕੀਮਾਂ ਨਾਲ ਜੁੜੇ ਆਮ ਲੋਕਾਂ ਨੇ ਪ੍ਰਧਾਨ ਮੰਤਰੀ ਦੇ ਸੰਬੋਧਨ ਨੂੰ ਸੁਣਿਆ ਅਤੇ ਦੇਖਿਆ। ਪ੍ਰਧਾਨ ਮੰਤਰੀ ਵੱਲੋਂ ਅੱਜ ਦੇ ਇਸ ਸੰਮੇਲਨ ਰਾਹੀਂ ਜਿੱਥੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਲਾਭਪਾਤਰੀਆਂ ਨਾਲ ਸੰਵਾਦ ਰਚਾਇਆ ਗਿਆ ਸੀ, ਉੱਥੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਤਹਿਤ 11 ਵੀਂ ਕਿਸ਼ਤ ਵੀ ਤਬਦੀਲ ਕੀਤੀ ਗਈ। ਇਸ ਮੌਕੇ ਸ਼ਾਮਲ ਲੋਕਾਂ ਨੇ ਆਨਲਾਈਨ ਇਸ ਸਮੁੱਚੇ ਸਮਾਗਮ ਦਾ ਆਨੰਦ ਮਾਣਿਆ ਅਤੇ ਆਪਣੇ ਨਾਲ ਸਬੰਧਤ ਕੇਂਦਰੀ ਸਕੀਮਾਂ ਦੀ ਜਾਣਕਾਰੀ ਹਾਸਲ ਕੀਤੀ।
ਵਰਚੂਅਲ ਸਮਾਗਮ ਸ਼ੁਰੂ ਹੋਣ ਤੋਂ ਪਹਿਲਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਆਪੋ-ਆਪਣੇ ਵਿਭਾਗ ਨਾਲ ਸਬੰਧਤ ਗਰੀਬ ਕਲਿਆਣਕਾਰੀ ਯੋਜਨਾਵਾਂ ਬਾਰੇ ਵਿਸਥਾਰ ਪੂਰਵਕ ਵਿੱਚ ਆਮ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ। ਅਧਿਕਾਰੀਆਂ ਵੱਲੋਂ ਮੌਜੂਦ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਉਹ ਇਨ੍ਹਾਂ ਯੋਜਨਾਵਾਂ ਦਾ ਲਾਹਾ ਲੈਣ ਲਈ ਉਨ੍ਹਾਂ ਨੂੰ ਦਫ਼ਤਰਾਂ ਵਿਖੇ ਮਿਲ ਸਕਦੇ ਹਨ। ਇਸ ਤੋਂ ਇਲਾਵਾ ਅਧਿਕਾਰੀਆਂ ਵੱਲੋਂ ਵਧੇਰੇ ਜਾਣਕਾਰੀ ਲਈ ਆਪੋ-ਆਪਣੇ ਦਫ਼ਤਰਾਂ ਦੇ ਪਤੇ ਅਤੇ ਸੰਪਰਕ ਨੰਬਰ ਵੀ ਸਾਂਝੇ ਕੀਤੇ ਗਏ। ਅਧਿਕਾਰੀਆਂ ਵੱਲੋਂ ਸਮਾਗਮ ਚ ਮੌਜੂਦ ਲੋਕਾਂ ਨੂੰ ਇਹ ਵੀ ਕਿਹਾ ਕਿ ਉਹ ਇਨ੍ਹਾਂ ਸਕੀਮਾਂ ਬਾਰੇ ਨਾ ਸਿਰਫ਼ ਖੁਦ ਫ਼ਾਇਦਾ ਲੈਣ ਸਗੋਂ ਹੋਰਨਾਂ ਲੋਕਾਂ ਨੂੰ ਵੀ ਇਨ੍ਹਾਂ ਸਕੀਮਾਂ ਸਬੰਧੀ ਜਾਣੂ ਕਰਵਾਉਣਾ ਆਪਣਾ ਮੁਢਲਾ ਫਰਜ ਸਮਝਣ।
ਇਸ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਆਪੋ-ਆਪਣੇ ਵਿਭਾਗ ਨਾਲ ਸਬੰਧ ਗਰੀਬ ਕਲਿਆਣਕਾਰੀ ਯੋਜਨਾਵਾਂ ਜਿਵੇਂ ਕਿ ਪ੍ਰਧਾਨ ਮੰਤਰੀ ਅਵਾਸ ਯੋਜਨਾ (ਸ਼ਹਿਰੀ ਤੇ ਗ੍ਰਾਮੀਣ), ਪ੍ਰਧਾਨ ਮੰਤਰੀ ਕਿਾਸਨ ਨਿਧੀ ਯੋਜਨਾ, ਪ੍ਰਧਾਨ ਮੰਤਰੀ ਉਜਵਲਾ ਯੋਜਨਾ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਪੋਸ਼ਣ ਅਭਿਆਨ ਲਾਭਪਾਤਰੀ, ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ, ਜਲ ਜੀਵਨ ਮਿਸ਼ਨ/ਸਵੱਛ ਭਾਰਤ ਮਿਸ਼ਨ-ਗ੍ਰਾਮੀਣ, ਪ੍ਰਧਾਨ ਮੰਤਰੀ ਸਵਾਨਿਧੀ ਯੋਜਨਾ, ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ, ਆਯੂਸ਼ਮਾਨ ਭਾਰਤ ਹੈਲਥ ਤੇ ਵੈਲਨੈਸ ਕੇਂਦਰ, ਪ੍ਰਧਾਨ ਮੰਤਰੀ ਮੁਦਰਾ ਆਦਿ ਯੋਜਨਾਵਾਂ ਬਾਰੇ ਜਾਣਕਾਰੀ ਦਿੰਦਿਆਂ ਇਨ੍ਹਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਪ੍ਰੇਰਿਤ ਕੀਤਾ ।
Share the post "ਪ੍ਰਧਾਨ ਮੰਤਰੀ ਦੀ ਅਗਵਾਈ ਵਾਲੇ ਵਰਚੂਅਲ ਗਰੀਬ ਕਲਿਆਣ ਸੰਮੇਲਨ ਚ ਆਮ ਲੋਕਾਂ ਨੇ ਕੀਤੀ ਸ਼ਮੂਲੀਅਤ"