ਸੁਖਜਿੰਦਰ ਮਾਨ
ਬਠਿੰਡਾ, 11 ਜੁਲਾਈ : ਪਿਛਲੇ ਦਿਨੀਂ ਜ਼ਿਲ੍ਹਾ ਕੁਲੈਕਟਰ ਵਲੋਂ ਜਾਇਦਾਦਾਂ ਦੇ ਕੁਲੈਕਟਰ ਰੇਟਾਂ ਵਿਚ ਕੀਤੇ ਭਾਰੀ ਵਾਧੇ ਦੇ ਵਿਰੋਧ ’ਚ ਅੱਜ ਸ਼ਹਿਰ ਦੇ ਪ੍ਰਾਪਰਟੀ ਡੀਲਰਾਂ ਵਲੋਂ ਅਪਣੀ ਐਸੋਸੀਏਸ਼ਨ ਦੇ ਝੰਡੇ ਹੇਠ ਸਥਾਨਕ ਮਿੰਨੀ ਸਕੱਤਰੇਤ ਦੇ ਅੰਦਰ ਧਰਨਾ ਦਿੱਤਾ ਗਿਆ। ਐਸੋਸੀਏਸ਼ਨ ਦੇ ਆਗੂ ਕੇ.ਕੇ ਅਗਰਵਾਲ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਇੰਨ੍ਹਾਂ ਪ੍ਰਾਪਟੀ ਡੀਲਰਾਂ ਨੇ ਸ਼ਹਿਰ ਅੰਦਰ ਜਮੀਨਾਂ ਦੇ ਕੁਲੈਕਟਰ ਰੇਟ ਵਧਾਏ ਜਾਣ ਵਿਰੁਧ ਰੋਸ਼ ਮਾਰਚ ਵੀ ਕੀਤਾ। ਇਸ ਮੌਕੇ ਇਕੱਤਰ ਹੋਏ ਸਮੂਹ ਪ੍ਰਾਪਰਟੀ ਡੀਲਰਾਂ ਨੇ ਪੰਜਾਬ ਸਰਕਾਰ ਨੂੰ ਕੋਸਦਿਆਂ ਵਧੇ ਹੋਏ ਰੇਟਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਾਰੇ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਸ਼੍ਰੀ ਅਗਰਵਾਲ ਨੇ ਕਿਹਾ ਕਿ ਸ਼ਹਿਰ ਅੰਦਰ ਪ੍ਰਾਪਰਟੀ ਦੇ ਕੁਲੈਕਟਰ ਰੇਟ ਦੁੱਗਣੇ ਤਿੱਗਣੇ ਕਰ ਦਿੱਤੇ ਗਏ ਹਨ ਜਿਸ ਕਾਰਨ ਆਮ ਲੋਕਾਂ ਦਾ ਘਰ ਬਣਾਉਣ ਦਾ ਸੁਪਨਾ ਅਧੂਰਾ ਰਹਿ ਜਾਵੇਗਾ। ਉਨ੍ਹਾਂ ਕਿਹਾ ਕਿ ਇਸਤੋਂ ਪਹਿਲਾਂ ਵੀ ਪੰਜਾਬ ਦੀਆਂ ਤਤਕਾਲੀ ਸਰਕਾਰਾਂ ਕੁਲੈਕਟਰ ਰੇਟਾਂ ਵਿੱਚ ਤੋਂ 10 -20 ਫੀਸਦੀ ਵਾਧਾ ਕਰਦੀਆਂ ਸਨ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵਫਦ ਨੂੰ ਕਿਹਾ ਕਿ ਜੇਕਰ ਐਸੋਸੀਏਸ਼ਨ ਨੂੰ ਇਤਰਾਜ਼ ਹੈ ਤਾਂ ਉਹ ਆਪਣੇ ਰੇਟਾਂ ਦੀ ਲਿਸਟ ਦੇਣ ਤਾਂ ਜੋ ਵਿਚਾਰ ਕੀਤਾ ਜਾ ਸਕੇ।
Share the post "ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਨੇ ਕੁਲੈਕਟਰ ਰੇਟਾਂ ਵਿਚ ਭਾਰੀ ਵਾਧੇ ਵਿਰੁਧ ਦਿੱਤਾ ਧਰਨਾ"