ਲੋਕਾਂ ਨਾਲ ਕੀਤੇ ਸਾਰੇ ਵਾਅਦੇ ਇੰਨ-ਬਿੰਨ ਪੂਰੇ ਕੀਤੇ ਜਾਣਗੇ-ਭਗਵੰਤ ਮਾਨ
ਸੁਖਜਿੰਦਰ ਮਾਨ
ਤਲਵੰਡੀ ਸਾਬੋ (ਬਠਿੰਡਾ) 14 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਸੁਭ ਅਵਸਰ ’ਤੇ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ। ਮੁੱਖ ਮੰਤਰੀ ਬੀਤੀ ਦੇਰ ਸਾਮ ਬਠਿੰਡਾ ਪੁੱਜੇ ਅਤੇ ਇੱਥੇ ਰਾਤ ਭਰ ਠਹਿਰਣ ਤੋਂ ਬਾਅਦ ਅੱਜ ਸਵੇਰੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਸੰਗਤਾਂ ਦੇ ਨਾਲ ਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।ਇਸ ਉਪਰੰਤ ਮੀਡੀਆ ਦੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ’ਆਪ’ ਸਰਕਾਰ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਹਰ ਹਾਲਤ ਵਿੱਚ ਪੂਰਾ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ, “ਪ੍ਰਮਾਤਮਾ ਦੇ ਆਸੀਰਵਾਦ ਅਤੇ ਜਨਤਾ ਵੱਲੋਂ ਸਾਡੇ ਵਿੱਚ ਦਿਖਾਏ ਅਥਾਹ ਵਿਸਵਾਸ ਅਤੇ ਭਰੋਸੇ ਨਾਲ, ਅਸੀਂ ਪੰਜਾਬ ਦਾ ਵਿਕਾਸ ਕਰਨ ਵਿੱਚ ਕੋਈ ਕਸਰ ਨਹੀਂ ਛੱਡਾਂਗੇ। ਉਨ੍ਹਾਂ ਇਹ ਵੀ ਕਿਹਾ ਕਿ ਆਪਣੇ ਵਾਅਦਿਆਂ ਨੂੰ ਸਹੀ ਮਾਅਨਿਆਂ ਵਿੱਚ ਪੂਰਾ ਕਰਕੇ ਲੋਕਾਂ ਦੀਆਂ ਉਮੀਦਾਂ ਦੀ ਖਰਾ ਉਤਰਨ ਤੋਂ ਪਿੱਛੇ ਨਹੀਂ ਹਟਿਆ ਜਾਵੇਗਾ।”ਇਸ ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਅਤੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ਤੇ ਮੌਜੂਦ ਸਿਹਤ ਮੰਤਰੀ ਡਾ. ਵਿਜੈ ਸਿੰਗਲਾ, ਐਮਐਲਏ ਤਲਵੰਡੀ ਸਾਬੋ ਸ਼੍ਰੀਮਤੀ ਬਲਜਿੰਦਰ ਕੌਰ, ਐਮਐਲਏ ਮੌੜ ਸ਼੍ਰੀ ਸੁਖਬੀਰ ਸਿੰਘ ਮਾਈਸਰਖਾਨਾ, ਐਮਐਲਏ ਭੁੱਚੋਂ ਮਾਸਟਰ ਜਗਸੀਰ ਸਿੰਘ ਅਤੇ ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਣਾਵਾਲੀ ਨੂੰ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਮੈਨੇਜ਼ਰ ਭਾਈ ਪਰਮਜੀਤ ਸਿੰਘ ਅਤੇ ਗੁਰੂਦੁਆਰਾ ਬੇਰ ਸਾਹਿਬ ਦੇਗਸਰ ਵਿਖੇ ਬੁੱਢਾਦਲ ਮੁਖੀ ਸਿੰਘ ਸਾਹਿਬ ਬਾਬਾ ਬਲਵੀਰ ਸਿੰਘ ਵਲੋਂ ਸਿਰੋਪਾਓ ਦੇ ਕੇ ਸਨਾਮਾਨਿਤ ਵੀ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਅਤੇ ਵਰਕਰ ਵੀ ਵਿਸ਼ੇਸ਼ ਤੌਰ ਤੇ ਹਾਜਰ ਸਨ।
Share the post "ਪੰਜਾਬ ਦੇ ਮੁੱਖ ਮੰਤਰੀ ਨੇ ਖਾਲਸਾ ਸਾਜਨਾ ਦਿਵਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਟੇਕਿਆ ਮੱਥਾ"