ਮੁੱਖ ਮੰਤਰੀ ਨੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੂੰ ਸੁਚਾਰੂ ਅਤੇ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਕਿਹਾ
ਸੁਖਜਿੰਦਰ ਮਾਨ
ਚੰਡੀਗੜ੍ਹ, 29 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੂੰ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
ਅੱਜ ਇੱਥੇ ਉੱਚ ਪੱਧਰੀ ਮੀਟਿੰਗ ਦੌਰਾਨ ਝੋਨੇ ਦੇ ਖਰੀਦ ਸੀਜ਼ਨ ਲਈ ਕੀਤੇ ਗਏ ਪ੍ਰਬੰਧਾਂ ਅਤੇ ਤਿਆਰੀਆਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਜੋ ਖਰੀਦ ਕਾਰਜਾਂ ਲਈ ਨੋਡਲ ਏਜੰਸੀ ਹੈ, ਨੂੰ ਸੁਚਾਰੂ ਅਤੇ ਨਿਰਵਿਘਨ ਖਰੀਦ ਦੇ ਨਾਲ ਨਾਲ ਝੋਨੇ ਦੇ ਭੰਡਾਰਨ ਲਈ ਸਾਰੇ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕਿਹਾ।
ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਆਂ ਸ਼੍ਰੀ ਚੰਨੀ ਨੇ ਕਿਹਾ ਕਿ ਕਿਸਾਨਾਂ ਦੀ ਉਪਜ ਦਾ ਦਾਣਾ-ਦਾਣਾ ਮੰਡੀ ਵਿੱਚੋਂ ਚੁੱਕਿਆ ਜਾਵੇਗਾ ਅਤੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਲਈ ਨਿਰਧਾਰਤ ਨਿਯਮਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ।
ਇਸ ਦੌਰਾਨ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਵਿਭਾਗ ਸਾਰੇ ਭਾਈਵਾਲਾਂ ਦੀ ਸੰਤੁਸ਼ਟੀ ਲਈ ਮੌਜੂਦਾ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗਾ।
ਵਿਚਾਰ -ਵਟਾਂਦਰੇ ਵਿੱਚ ਹਿੱਸਾ ਲੈਂਦਿਆਂ ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈ ਡਾ. ਅਭਿਨਵ ਤ੍ਰਿਖਾ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਰਾਜ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਉਣ ਵਾਲੀ ਸੰਭਾਵਿਤ ਫ਼ਸਲ ਦੀ ਖਰੀਦ ਲਈ ਪਹਿਲਾਂ ਹੀ ਵਿਸਤ੍ਰਿਤ ਪ੍ਰਬੰਧ ਕੀਤੇ ਜਾ ਚੁੱਕੇ ਹਨ।
ਮੁੱਖ ਮੰਤਰੀ ਨੂੰ ਜਾਣਕਾਰੀ ਦਿੰਦਿਆਂ ਖੁਰਾਕ ਅਤੇ ਸਿਵਲ ਸਪਲਾਈ ਦੇ ਡਾਇਰੈਕਟਰ ਨੇ ਦੱਸਿਆ ਕਿ ਭਾਰਤ ਸਰਕਾਰ ਨੇ ਸਾਉਣੀ ਮੰਡੀਕਰਨ ਸੀਜ਼ਨ 2021-22 ਲਈ ਏ ਗਰੇਡ ਦੇ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ 1960 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਹੈ। ਸੂਬੇ ਦੀਆਂ ਚਾਰ ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈਡ, ਪਨਸਪ, ਪੀਐਸਡਬਲਯੂਸੀ ਸਮੇਤ ਐਫਸੀਆਈ ਵੱਲੋਂ ਭਾਰਤ ਸਰਕਾਰ ਦੁਆਰਾ ਨਿਰਧਾਰਤ ਨਿਯਮਾਂ ਅਨੁਸਾਰ ਘੱਟੋ ਘੱਟ ਸਮਰਥਨ ਮੁੱਲ `ਤੇ ਝੋਨੇ ਦੀ ਖਰੀਦ ਕੀਤੀ ਜਾਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਨੋਟੀਫਾਈ ਕੀਤੇ ਗਏ 1806 ਖਰੀਦ ਕੇਂਦਰ ਸਰਕਾਰੀ ਖਰੀਦ ਏਜੰਸੀਆਂ ਨੂੰ ਅਲਾਟ ਕੀਤੇ ਗਏ ਹਨ। ਇਸ ਤੋਂ ਇਲਾਵਾ ਕੋਵਿਡ-19 ਮਹਾਂਮਾਰੀ ਦੇ ਫੈਲਣ ਨੂੰ ਰੋਕਣ ਅਤੇ ਮੰਡੀਆਂ ਵਿੱਚ ਭੀੜ ਹੋਣ ਤੋਂ ਬਚਣ ਲਈ ਝੋਨੇ ਦੀ ਖਰੀਦ ਲਈ ਲਗਭਗ 800 ਚੌਲ ਮਿੱਲਾਂ/ਜਨਤਕ ਥਾਵਾਂ ਨੂੰ ਅਸਥਾਈ ਖਰੀਦ ਕੇਂਦਰ ਵਜੋਂ ਸਥਾਪਤ ਕੀਤਾ ਜਾ ਰਿਹਾ ਹੈ। ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਸਾਉਣੀ ਮੰਡੀਕਰਨ ਸੀਜ਼ਨ 2021-22 ਲਈ ਖਰੀਦ ਨੀਤੀ ਜਾਰੀ ਕੀਤੀ ਗਈ ਹੈ।
ਮੁੱਖ ਮੰਤਰੀ ਨੂੰ ਇਹ ਵੀ ਦੱਸਿਆ ਗਿਆ ਕਿ ਝੋਨੇ ਦੇ ਭੰਡਾਰਨ ਲਈ ਲੋੜੀਂਦੇ ਬਾਰਦਾਨੇ ਅਤੇ ਤਰਪਾਲਾਂ ਦੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਕੀਤੇ ਜਾਣਗੇ। ਐਫਸੀਆਈ ਵੱਲੋਂ ਬਾਰਦਾਨੇ, ਕੈਸ਼ ਕੈ੍ਰਡਿਟ, ਭੰਡਾਰ ਲਈ ਜ਼ਰੂਰੀ ਵਸਤਾਂ ਅਤੇ ਭੰਡਾਰਨ ਦੀ ਥਾਂ ਦਾ ਆਪਣੇ ਪੱਧਰ `ਤੇ ਪ੍ਰਬੰਧ ਕੀਤਾ ਜਾਂਦਾ ਹੈ।
ਚੌਲਾਂ/ਝੋਨੇ ਦੀ ਰੀਸਾਈਕਲਿੰਗ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦਾ ਜ਼ਿਕਰ ਕਰਦਿਆਂ ਸ੍ਰੀ ਤ੍ਰਿਖਾ ਨੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਮੰਡੀ ਦੇ ਹਿਸਾਬ ਨਾਲ ਝੋਨੇ ਦੀ ਆਮਦ ਦੇ ਅੰਕੜਿਆਂ ਦਾ ਵਿਸ਼ਲੇਸ਼ਣ ਕਰਨ ਦੇ ਨਾਲ-ਨਾਲ ਮੰਡੀ ਦੇ ਹਿਸਾਬ ਨਾਲ ਜਾਰੀ ਕੀਤੇ ਗਏ ਆਦੇਸ਼ਾਂ ਦਾ ਵਿਸ਼ਲੇਸ਼ਣ ਕਰਨ ਲਈ ਸਾਰੇ ਫੀਲਡ ਅਧਿਕਾਰੀਆਂ ਨੂੰ ਵਿਸਤ੍ਰਿਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਉਨ੍ਹਾਂ ਨੂੰ ਮੰਡੀਆਂ ਅਤੇ ਲਿੰਕਡ ਰਾਈਸ ਮਿੱਲਾਂ ਜਿੱਥੇ ਪਿਛਲੇ ਦੋ ਸਾਲਾਂ ਦੌਰਾਨ ਸਾਉਣੀ ਮੰਡੀਕਰਨ ਸੀਜ਼ਨ 2020-21 ਵਿੱਚ ਝੋਨੇ ਦੀ ਆਮਦ ਜਾਂ ਜਾਰੀ ਆਦੇਸ਼ਾਂ ਤਹਿਤ ਜਾਰੀ ਕੀਤੇ ਗਏ ਝੋਨੇ ਵਿੱਚ ਮਹੱਤਵਪੂਰਨ ਵਾਧਾ ਹੋਇਆ ਹੈ, `ਤੇ ਨੇੜਿਓਂ ਨਜ਼ਰ ਰੱਖਣ ਲਈ ਵੀ ਕਿਹਾ ਗਿਆ ਹੈ।ਇਸ ਦੇ ਨਾਲ ਹੀ ਉਨ੍ਹਾਂ ਨੂੰ ਹਰੇਕ ਚੌਲ ਮਿੱਲ ਵਿੱਚ ਸੀਸੀਟੀਵੀ ਲੱਗੇ ਅਤੇ ਚਲਦੇ ਹੋਣ, ਬਾਸਮਤੀ, ਸੈਲਾ ਆਦਿ ਦੀ ਪ੍ਰਾਈਵੇਟ ਮਿਲਿੰਗ ਵਿੱਚ ਸ਼ਾਮਲ ਰਾਈਸ ਮਿੱਲਰਾਂ ਦੇ ਅੰਕੜੇ ਆਲਟਮੈਂਟ ਸਮੇਂ ਅਨਾਜ ਖਰੀਦ ਪੋਰਟਲ `ਤੇ ਦਾਖਲ ਕਰਨ ਅਤੇ ਇਨ੍ਹਾਂ ਮਿੱਲਾਂ ਦੇ ਪੀ.ਵੀ. `ਤੇ ਵਿਸ਼ੇਸ਼ ਧਿਆਨ ਦੇਣ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ ਹੈ। ਉਨ੍ਹਾਂ ਨੂੰ ਖਰੀਦ ਸੀਜ਼ਨ ਤੋਂ ਪਹਿਲਾਂ ਚੌਲ ਮਿੱਲਾਂ ਦੀ ਇੱਕ ਵਿਸ਼ੇਸ਼ ਈ-ਫਿਜ਼ੀਕਲ ਤਸਦੀਕ ਕਰਨ ਲਈ ਵੀ ਕਿਹਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮਿੱਲਾਂ ਵਿੱਚ ਕੋਈ ਰਿਕਾਰਡ ਰਹਿਤ ਝੋਨਾ/ਚੌਲ ਨਹੀਂ ਹੈ ਅਤੇ ਗਾਰਡੀਅਨਜ਼ ਆਫ਼ ਗਵਰਨੈਂਸ (ਜੀਓਜੀ) ਨੂੰ ਚੌਲ ਮਿੱਲਾਂ ਦੀ ਜਾਂਚ ਕਾਰਜ ਵਿੱਚ ਲਗਾਇਆ ਗਿਆ ਹੈ।
ਖਰੀਦ ਤੋਂ ਬਾਅਦ ਝੋਨੇ ਦੀ ਮਿਲਿੰਗ ਦਾ ਜ਼ਿਕਰ ਕਰਦਿਆਂ ਡਾਇਰੈਕਟਰ ਨੇ ਇਹ ਵੀ ਦੱਸਿਆ ਕਿ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੇ ਪਹਿਲਾਂ ਹੀ ਮੰਤਰੀ ਮੰਡਲ ਦੀ ਪ੍ਰਵਾਨਗੀ ਤੋਂ ਬਾਅਦ ਝੋਨੇ ਦੀ ਪ੍ਰੋਸੈਸਿੰਗ ਲਈ `ਦਿ ਪੰਜਾਬ ਕਸਟਮ ਮਿਲਿੰਗ ਆਫ ਪੈਡੀ ਪਾਲਿਸੀ (ਸਾਉਣੀ 2021-22)` ਜਾਰੀ ਕਰ ਦਿੱਤੀ ਹੈ।