ਪੰਜਾਬੀ ਭਾਸ਼ਾ ਸਬੰਧੀ ਪੋਸਟਰ ਕੀਤਾ ਜਾਰੀ
ਸੁਖਜਿੰਦਰ ਮਾਨ
ਬਠਿੰਡਾ, 2 ਫ਼ਰਵਰੀ :ਸੂਬਾ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਤੇ ਪੂਰਾ ਮਾਣ-ਸਨਮਾਨ ਦੇਣ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦੀ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜਾਬੀ ਮਾਂ ਬੋਲੀ ਦੇ ਮੱਦੇਨਜ਼ਰ ਪ੍ਰਚਾਰ ਤੇ ਪ੍ਰਸਾਰ ਲਈ ਅੱਜ ਇੱਕ ਜਾਗਰੂਕਤਾ ਰੈਲੀ ਕੱਢੀ ਗਈ। ਸਥਾਨਕ ਐਮ.ਐਸ.ਡੀ ਲਾਰਡ ਰਾਮਾਂ ਸਕੂਲ ਤੋਂ ਸ਼ੁਰੂ ਹੋਈ ਇਸ ਜਾਗਰੂਕਤਾ ਰੈਲੀ ਨੂੰ ਏਡੀਸੀ ਡਾ. ਰੁਪਿੰਦਰ ਪਾਲ ਸਿੰਘ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਵਲੋਂ ਗੁਰਨੂਰ ਡਿਜ਼ਾਈਨਜ਼ ਦੁਆਰਾ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਦਾ ਹੋਇਆ ਪੋਸਟਰ ਵੀ ਜਾਰੀ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਦੇ ਮੱਦੇਨਜ਼ਰ ਸੂਬਾ ਸਰਕਾਰ ਵਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮੁੱਚੇ ਜ਼ਿਲ੍ਹੇ ‘ਚ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਨੂੰ ਵਧੇਰੇ ਮਹੱਤਤਾ ਦੇਣ ਲਈ ਸਮੂਹ ਦੁਕਾਨਾਂ, ਵਪਾਰਕ ਅਦਾਰੇ, ਹੋਟਲ, ਮਾਲ ਢਾਬੇ ਆਦਿ ਆਪਣੀਆਂ ਨਾਮ ਪੱਟੀਆਂ/ਮੀਲ ਪੱਥਰ/ਸਾਈਨ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉੱਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ ਅਤੇ ਜੇਕਰ ਕਿਸੇ ਹੋਰ ਭਾਸ਼ਾ ਵਿਚ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ ਤੋਂ ਹੇਠਾਂ ਲਿਖਿਆ ਜਾਵੇ।ਇਸ ਉਪਰੰਤ ਜ਼ਿਲ੍ਹਾ ਭਾਸ਼ਾ ਅਫ਼ਸਰ ਕਿਰਪਾਲ ਸਿੰਘ ਨੇ ਦੱਸਿਆ ਕਿ ਪੰਜਾਬੀ ਭਾਸ਼ਾ ਦੇ ਪ੍ਰਸਾਰ ਤੇ ਪਸਾਰ ਲਈ ਕੱਢੀ ਗਈ ਇਸ ਰੈਲੀ ਵਿੱਚ ਲਾਰਡ ਰਾਮਾ ਸਕੂਲ ਦੇ 500 ਤੋਂ ਵੱਧ ਵਿਦਿਆਰਥੀਆਂ ਅਤੇ 30 ਅਧਿਆਪਕਾਂ ਨੇ ਭਾਗ ਲਿਆ। ਇਹ ਵਿਸ਼ੇਸ਼ ਰੈਲੀ ਸਥਾਨਕ ਐਮ.ਐਸ.ਡੀ ਲਾਰਡ ਰਾਮਾਂ ਸਕੂਲ ਤੋਂ ਸ਼ੁਰੂ ਹੋ ਕੇ ਕੱਪੜਾ ਮਾਰਕਿਟ, ਮਾਲ ਰੋਡ, ਫਾਇਰ ਬ੍ਰਿਗੇਡ ਚੌਂਕ ਅਤੇ ਰੇਲਵੇ ਚੌਕ ਤੋਂ ਵਾਪਿਸ ਤੋਂ ਹੁੰਦੀ ਹੋਈ ਐਮ.ਐਸ.ਡੀ ਲਾਰਡ ਰਾਮਾਂ ਸਕੂਲ ਵਿਖੇ ਸਮਾਪਤ ਹੋਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨਦੇ ਸਹਿਯੋਗ ਨਾਲ ਪੰਜਾਬੀ ਮਾਂ-ਬੋਲੀ ਦੀ ਪ੍ਰਫੁੱਲਤਾ ਲਈ ’ਮੈਂ ਪੰਜਾਬੀ, ਬੋਲੀ ਪੰਜਾਬੀ’ ਨਾਮ ਹੇਠ 21 ਫ਼ਰਵਰੀ ਤੱਕ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਪੂਰੇ 21 ਦਿਨ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਤੱਕ ਚੱਲੇਗੀ ਜਿਸ ਤਹਿਤ ਪੰਜਾਬੀ ਭਾਸ਼ਾ ਨਾਲ ਜੁੜੇ ਵੱਖ-ਵੱਖ ਪਰੋਗਰਾਮ ਕਰਵਾਏ ਜਾ ਰਹੇ ਹਨ ਜਿੰਨ੍ਹਾਂ ਦਾ ਮੁੱਖ ਮਕਸਦ ਪੰਜਾਬੀ ਬੋਲੀ ਦਾ ਆਦਰ ਸਤਿਕਾਰ ਬਹਾਲ ਕਰਨਾ ਹੈ। ਇਸ ਮੌਕੇ ਖੋਜ ਅਫ਼ਸਰ ਨਵਪ੍ਰੀਤ ਸਿੰਘ, ਲਾਰਡ ਰਾਮਾ ਸਕੂਲ ਦੇ ਡਾਇਰੈਕਟਰ ਸੂਰਜ ਸੇਤੀਆ, ਨਾਟਿਅਮ ਥੀਏਟਰ ਗਰੁੱਪ ਦੇ ਪ੍ਰਧਾਨ ਸੁਖਦਰਸ਼ਨ ਗੁਪਤਾ ਤੋਂ ਇਲਾਵਾ ਅਧਿਆਪਕ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।
ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਜਾਗਰੂਕਤਾ ਰੈਲੀ ਕੱਢੀ
15 Views