ਸੁਖਜਿੰਦਰ ਮਾਨ
ਬਠਿੰਡਾ, 07 ਜੂਨ: ਬਾਬਾ ਫ਼ਰੀਦ ਸਕੂਲ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਵੱਲੋਂ ’ਵਿਸ਼ਵ ਵਾਤਾਵਰਨ ਦਿਵਸ’ ਮਨਾਇਆ ਗਿਆ। । ਇਸ ਮੌਕੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਬਾਰੇ ਜਾਗਰੂਕ ਕਰਨ ਲਈ ਵਿਸਥਾਰ ਭਾਸ਼ਣਾਂ ਦਾ ਆਯੋਜਨ ਕੀਤਾ ਗਿਆ ਅਤੇ ਪੌਦੇ ਲਗਾਏ ਗਏ। ਇਸ ਮੌਕੇ ਸਕੂਲ ਦੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ । ਭਾਸ਼ਣ ਦੌਰਾਨ ਬਾਬਾ ਫ਼ਰੀਦ ਕਾਲਜ ਦੇ ਸਹਾਇਕ ਪ੍ਰੋਫੈਸਰ (ਜੌਗਰਫੀ) ਹਰਕੀਰਤ ਸਿੰਘ ਅਤੇ ਸਹਾਇਕ ਪ੍ਰੋਫੈਸਰ (ਪੰਜਾਬੀ) ਸਟਾਲਿਨਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ । ਉਨ੍ਹਾਂ ਨੇ ਵਾਤਾਵਰਨ ਦੇ ਪ੍ਰਦੂਸ਼ਣ ਨਾਲ ਹੋਣ ਵਾਲੇ ਨੁਕਸਾਨ ਅਤੇ ਇਸ ਦੇ ਮਾੜੇ ਪ੍ਰਭਾਵ ਬਾਰੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੱਤਾ। ਉਨ੍ਹਾਂ ਨੇ ਵਾਤਾਵਰਨ ਦੀ ਮਹੱਤਤਾ ਅਤੇ ਇਸ ਦਾ ਪ੍ਰਦੂਸ਼ਣ ਤੋਂ ਬਚਾਅ ਕਰਨ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਇਸ ਤੋਂ ਇਲਾਵਾ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਆਪਣੇ ਫੈਕਲਟੀ ਮੈਂਬਰਾਂ ਦੇ ਨਾਲ ਸੰਸਥਾ ਵਿਖੇ ਪੌਦੇ ਵੀ ਲਗਾਏ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਬਲਜਿੰਦਰ ਸਿੰਘ ਨੇ ’ਵਿਸ਼ਵ ਵਾਤਾਵਰਨ ਦਿਵਸ’ ਸੰਬੰਧੀ ਆਪਣੇ ਵਿਚਾਰ ਪੇਸ਼ ਕਰਦਿਆਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਫੈਕਲਟੀ ਮੈਂਬਰ ਵੀ ਹਾਜ਼ਰ ਸਨ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਸਕੂਲ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਵਾਤਾਵਰਨ ਬਾਰੇ ਜਾਗਰੂਕਤਾ ਲਈ ਅਜਿਹੇ ਮਹੱਤਵਪੂਰਨ ਦਿਨ ਮਨਾਉਣੇ ਬਹੁਤ ਜ਼ਰੂਰੀ ਹਨ।