ਸੁਖਜਿੰਦਰ ਮਾਨ
ਬਠਿੰਡਾ , 16 ਮਈ: ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਵੱਲੋਂ ਸਹਾਇਕ ਪ੍ਰੋਫ਼ੈਸਰ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਬੀ.ਐਡ ਸਮੈਸਟਰ ਚੌਥਾ ਦੇ ਵਿਦਿਆਰਥੀਆਂ ਦਾ ਦੋ ਦਿਨਾਂ ਵਿੱਦਿਅਕ ਟੂਰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਲਿਜਾਇਆ ਗਿਆ। ਇਹ ਟੂਰ ਦੌਰਾਨ ਸਭ ਤੋਂ ਪਹਿਲਾ ਵਿਦਿਆਰਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਮਿਊਜ਼ੀਅਮ ਵਿੱਚ ਵੱਖ-ਵੱਖ ਦ੍ਰਿਸ਼ ਦੇਖ ਕੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਪੰਜਾਬ ਦੇ ਇਤਿਹਾਸ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਕਿਲ੍ਹਾ ਗੋਬਿੰਦਗੜ੍ਹ ਦਾ ਦੌਰਾ ਕੀਤਾ ਜਿੱਥੇ ਜਾ ਕੇ ਵਿਦਿਆਰਥੀਆਂ ਨੇ ਵੱਖ-ਵੱਖ ਤਰਾਂ ਦੇ ਇਤਿਹਾਸਿਕ ਹਥਿਆਰਾਂ ਅਤੇ ਜੰਗਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਦੇ ਨਾਲ ਹੀ ਵਿਦਿਆਰਥੀਆਂ ਵੱਲੋਂ ਉੱਥੇ ਸਭਿਆਚਾਰਕ ਪ੍ਰੋਗਰਾਮ ਵੀ ਕੀਤਾ ਗਿਆ, ਜਿਸ ਵਿਚ ਉਨ੍ਹਾਂ ਨੇ ਭੰਗੜਾ ਪਾ ਕੇ ਆਪਣਾ ਮਨੋਰੰਜਨ ਕੀਤਾ। ਇਸ ਤੋਂ ਬਾਅਦ ਵਿਦਿਆਰਥੀ ਸ਼ਾਮ ਨੂੰ ਟੂਰਿਸਟ ਸਥਾਨ ‘ਸਾਡਾ ਪਿੰਡ’ ਅੰਮ੍ਰਿਤਸਰ ਵਿਚ ਗਏ। ਵਿਦਿਆਰਥੀਆਂ ਨੇ ‘ਸਾਡਾ ਪਿੰਡ’ ਵਿਖੇ ਪੰਜਾਬੀ ਸਭਿਆਚਾਰ ਬਾਰੇ ਜਾਣਕਾਰੀ ਹਾਸਿਲ ਕੀਤੀ ਅਤੇ ਖ਼ੂਬ ਅਨੰਦ ਮਾਣਿਆ। ਇੱਥੇ ਵਿਦਿਆਰਥੀਆਂ ਦੁਆਰਾ ਰੰਗਾਰੰਗ ਪ੍ਰੋਗਰਾਮ ਵਿੱਚ ਬੋਲੀਆਂ ਅਤੇ ਗਿੱਧਾ ਪੇਸ਼ ਕੀਤਾ ਗਿਆ ਜਿਸ ਨਾਲ ਉਹ ਸਾਡਾ ਪਿੰਡ ਵੇਖਣ ਆਏ ਸਾਰੇ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਬਣੇ। ਦਿਨ ਦੇ ਅੰਤ ਵਿਚ ਵਿਦਿਆਰਥੀਆਂ ਨੂੰ ਗੁਰਦੁਆਰਾ ਛੇਹਰਟਾ ਸਾਹਿਬ ਵਿਖੇ ਵਿਸ਼ਰਾਮ ਕਰਾਇਆ ਗਿਆ। ਟੂਰ ਦੇ ਦੂਜੇ ਦਿਨ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਅਤੇ ਮਿਊਜ਼ੀਅਮ ਵਿਖੇ ਵਿਦਿਆਰਥੀਆਂ ਨੇ ਸਿੱਖਾਂ ਦੀਆਂ ਲੜਾਈਆਂ ਬਾਰੇ ਜਾਣਕਾਰੀ ਹਾਸਿਲ ਕੀਤੀ । ਅੰਤ ਵਿਚ ਵਿਦਿਆਰਥੀਆਂ ਨੂੰ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਦੇ ਦਰਸ਼ਨ ਕਰਵਾਉਣ ਤੋਂ ਬਾਅਦ ਟੂਰ ਦੀ ਵਾਪਸੀ ਕੀਤੀ ਗਈ। ਵਿਦਿਆਰਥੀ ਇਸ ਟੂਰ ਤੋਂ ਬਹੁਤ ਖ਼ੁਸ਼ ਨਜ਼ਰ ਆ ਰਹੇ ਸਨ। ਵਿਦਿਆਰਥੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਟੂਰ ਦੌਰਾਨ ਬਹੁਤ ਹੀ ਅਨੰਦ ਮਾਣਿਆ। ਵਿਭਾਗ ਮੁਖੀ ਡਾ.ਮੰਗਲ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਇਸ ਸ਼ਲਾਘਾਯੋਗ ਕਦਮ ਦੀ ਪ੍ਰਸੰਸਾ ਕੀਤੀ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।
Share the post "ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਦੋ ਦਿਨਾਂ ਦਾ ਵਿੱਦਿਅਕ ਟੂਰ ਲਗਾਇਆ"