ਹੜ੍ਹ ਪੀੜਤਾਂ ਦੀ ਕਰਾਂਗੇ ਹਰ ਸੰਭਵ ਮੱਦਦ- ਗੁਰਦੀਪ ਰਾਮਪੁਰਾ
ਸੁਖਜਿੰਦਰ ਮਾਨ
ਬਠਿੰਡਾ, 16 ਜੁਲਾਈ : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾਈ ਮੀਟਿੰਗ ਅੱਜ ਸਥਾਨਕ ਗੁਰਦੁਆਰਾ ਬਾਬਾ ਹਾਜੀ ਰਤਨ ਸਾਹਿਬ ਵਿਖੇ ਸੂਬਾ ਆਗੂ ਮਨਜੀਤ ਸਿੰਘ ਧਨੇਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸੂਬਾ ਕਮੇਟੀ ਮੈਂਬਰਾਂ ਤੋਂ ਇਲਾਵਾ 13 ਜ਼ਿਲਿਆਂ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਸ਼ਾਮਲ ਹੋਏ। ਮੀਟਿੰਗ ਦੀ ਜਾਣਕਾਰੀ ਦਿੰਦਿਆਂ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਦੱਸਿਆ ਕਿ ਇਹ ਮੀਟਿੰਗ ਮਾਨਸਾ ਜ਼ਿਲ੍ਹੇ ਦੇ ਪਿੰਡ ਕੁੱਲਰੀਆਂ ਵਿਖੇ ਚੱਲ ਰਹੇ ਜ਼ਮੀਨੀ ਵਿਵਾਦ ਸਬੰਧੀ ਬੁਲਾਈ ਗਈ ਸੀ। ਇਸ ਮਾਮਲੇ ’ਚ ਪੁਲਿਸ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਧੱਕੇਸਾਹੀ ਦਾ ਜਥੇਬੰਦੀ ਵੱਲੋਂ ਤੁਰੰਤ ਸਖਤ ਵਿਰੋਧ ਕਰਨ ’ਤੇ ਗ੍ਰਿਫਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਕੀਤਾ ਗਿਆ ਹੈ। ਇਸਤਂੋ ਇਲਾਵਾ ਮੀਟਿੰਗ ਵਿਚ ਹੜ੍ਹ ਪੀੜਤ ਕਿਸਾਨਾਂ ਦੀ ਮੱਦਦ ਲਈ ਝੋਨੇ ਦੀ ਪਨੀਰੀ ਅਤੇ ਪਸ਼ੂਆਂ ਲਈ ਤੂੜੀ ਅਤੇ ਚਾਰੇ ਦਾ ਪ੍ਰਬੰਧ ਕਰਨ ਲਈ ਵਿਉਂਤਬੰਦੀ ਕੀਤੀ ਗਈ। ਜਥੇਬੰਦੀ ਨੇ ਸੰਯੁਕਤ ਕਿਸਾਨ ਮੋਰਚੇ ਨਾਲ ਝੋਨੇ ਦੀ ਪੰਜ ਏਕੜ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਹੈ ਪਰ ਅਸੀਂ ਇਸ ਤੋਂ ਵੱਧ ਪਨੀਰੀ ਬੀਜ ਕੇ ਹੜ੍ਹ ਪੀੜਤ ਕਿਸਾਨਾਂ ਨੂੰ ਦਿਆਂਗੇ। ਇਸ ਮੌਕੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਪੰਜਾਬ ਦੇ ਹੜਾਂ ਨੂੰ ਕੌਮੀ ਆਫ਼ਤ ਐਲਾਨ ਕਰ ਕੇ ਸੂਬੇ ਨੂੰ ਵਿਸ਼ੇਸ਼ ਪੈਕੇਜ਼ ਦੇਵੇ। ਪੰਜਾਬ ਸਰਕਾਰ ਲੋਕਾਂ ਦੀ ਬਾਂਹ ਫੜੇ ਅਤੇ ਹੜ੍ਹ ਮਾਰੇ ਇਲਾਕਿਆਂ ਵਿੱਚ ਦਵਾਈਆਂ, ਤੂੜੀ, ਹਰਾ ਚਾਰਾ ਅਤੇ ਪੀਣ ਵਾਲੇ ਪਾਣੀ ਦੇ ਪ੍ਰਬੰਧ ਕਰੇ। ਮੀਟਿੰਗ ਵਿਚ ਮਾਨਸਾ ਵਿਖੇ ਸਮਾਜ ਸੇਵੀ ਜਸਵਿੰਦਰ ਸਿੰਘ ’ਝੋਟਾ’ ਖਿਲਾਫ ਕੇਸ ਦਰਜ ਕਰਨ ਦੀ ਨਿਖੇਧੀ ਕੀਤੀ ਗਈ। ਮੀਟਿੰਗ ਵਿਚ ਕੁਲਵੰਤ ਸਿੰਘ ਕਿਸ਼ਨਗੜ੍ਹ, ਮੱਖਣ ਸਿੰਘ ਭੈਣੀ ਬਾਘਾ, ਮਹਿੰਦਰ ਸਿੰਘ ਦਿਆਲਪੁਰਾ, ਖ਼ਜ਼ਾਨਚੀ ਬਲਵੰਤ ਸਿੰਘ ਉੱਪਲੀ ,ਮੀਤ ਪ੍ਰਧਾਨ ਹਰੀਸ਼ ਨੱਢਾ ਲਾਧੂਕਾ, ਔਰਤ ਵਿੰਗ ਦੀ ਆਗੂ ਬੀਬੀ ਅੰਮ੍ਰਿਤ ਪਾਲ ਕੌਰ ਆਦਿ ਤੋਂ ਇਲਾਵਾ ਵੱਖ ਵੱਖ ਜ਼ਿਲ੍ਹਿਆਂ ਤੋਂ ਆਗੂ ਹਾਜ਼ਰ ਰਹੇ।
Share the post "ਬੀਕੇਯੂ ਡਕੌਂਦਾ ਪਿੰਡ ਕੁੱਲਰੀਆਂ ਵਿਖੇ ਸਰਕਾਰ ਦੀ ਧੱਕੇਸ਼ਾਹੀ ਦਾ ਦੇਵੇਗੀ ਠੋਕਵਾਂ ਜਵਾਬ: ਮਨਜੀਤ ਧਨੇਰ"