22 Views
ਇਕ ਨਵੰਬਰ ਨੂੰ ਪੰਜਾਬ ਦਿਵਸ ਮੌਕੇ ਕੀਤਾ ਸਮਾਂ ਨੀਯਤ
ਚੰਡੀਗੜ੍ਹ, 8 ਅਕਤੂਬਰ: ਪਿਛਲੇ ਦਿਨੀ ਸੁਪਰੀਮ ਕੋਰਟ ਵੱਲੋਂ ਪਾਣੀਆਂ ਦੇ ਮੁੱਦੇ ‘ਤੇ ਦਿੱਤੀਆਂ ਨਵੀਆਂ ਹਦਾਇਤਾਂ ਤੋਂ ਬਾਅਦ ਪੰਜਾਬ ਦੇ ਵਿੱਚ ਸ਼ੁਰੂ ਹੋਈ ਸਿਆਸੀ ਬਹਿਸ ਦੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀਆਂ ਨੂੰ ਐਸ ਵਾਈ ਐਲ ਸਹਿਤ ਪੰਜਾਬ ਦੇ ਸਾਰੇ ਮੁੱਦਿਆਂ ਉੱਪਰ ਖੁੱਲੀ ਬਹਿਸ ਦੀ ਚੁਣੌਤੀ ਦਿੱਤੀ ਹੈ।
ਅੱਜ ਇੱਥੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਪਾਏ ਇੱਕ ਸੁਨੇਹੇ ਵਿੱਚ ਮੁੱਖ ਮੰਤਰੀ ਮਾਨ ਨੇ ਲਿਖਿਆ ਹੈ ਕਿ “ਮੇਰਾ ਭਾਜਪਾ ਪ੍ਰਧਾਨ ਜਾਖੜ ਜੀ, ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਦੇ ਰਾਜਾ ਵੜਿੰਗ-ਪ੍ਰਤਾਪ ਬਾਜਵਾ ਜੀ ਨੂੰ ਖੁੱਲ੍ਹਾ ਸੱਦਾ ਹੈ ਕਿ ਰੋਜ਼-ਰੋਜ਼ ਦੀ ਕਿੱਚ ਕਿੱਚ ਨਾਲੋਂ ਆਜੋ ਆਪਾਂ ਮੀਡੀਆ ਸਾਹਮਣੇ ਲਾਈਵ ਬੈਠ ਕੇ ਪੰਜਾਬ ਨੂੰ ਹੁਣ ਤੱਕ ਕੀਹਨੇ ਕਿਵੇਂ ਲੁੱਟਿਆ, ਭਾਈ-ਭਤੀਜੇ ਸਾਲੇ-ਜੀਜੇ, ਮਿੱਤਰ ਮੁਲਾਹਜ਼ੇ ਟੋਲ ਪਲਾਜੇ, ਜਵਾਨੀ ਕਿਸਾਨੀ, ਵਪਾਰ-ਦੁਕਨਦਾਰ, ਗੁਰੂਆਂ ਦੀ ਬਾਣੀ, ਨਹਿਰਾਂ ਦਾ ਪਾਣੀ..ਸਭ ਮੁੱਦਿਆਂ ‘ਤੇ ਬਹਿਸ ਕਰੀਏ..ਤੁਸੀਂ ਆਪਣੇ ਨਾਲ ਕਾਗਜ਼ ਵੀ ਲਿਆ ਸਕਦੇ ਹੋ ਪਰ ਮੈਂ ਮੂੰਹ ਜ਼ੁਬਾਨੀ ਆਪਣਾ ਬੋਲਾਂਗਾ..।”
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਬਹਿਸ ਦੇ ਲਈ 1 ਨਵੰਬਰ ‘ਪੰਜਾਬ ਦਿਵਸ” ਵਾਲਾ ਦਿਨ ਨੀਯਤ ਕੀਤਾ ਹੈ। ਉਨਾ ਕਿਹਾ ਕਿ ਇਸ ਦਿਨ ਤੱਕ ਵਿਰੋਧੀਆਂ ਨੂੰ ਤਿਆਰੀ ਲਈ ਟਾਈਮ ਵੀ ਮਿਲ ਜਾਵੇਗਾ.. ਮੇਰੀ ਤਾਂ ਪੂਰੀ ਤਿਆਰੀ ਐ ਕਿਉਂਕਿ ਸੱਚ ਬੋਲਣ ਵਾਸਤੇ ਰੱਟੇ ਨਹੀਂ ਲਾਉਣੇ ਪੈਂਦੇ..। ਦੱਸਣਾ ਬਣਦਾ ਹੈ ਕਿ ਐਸ ਵਾਈ ਐਲ ਦੇ ਮੁੱਦੇ ਉੱਪਰ ਲਗਾਤਾਰ ਵਿਰੋਧੀ ਪਾਰਟੀਆਂ ਵੱਲੋਂ ਆਪ ਸਰਕਾਰ ਅਤੇ ਖਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਸਿਆਸੀ ਨਿਸ਼ਾਨੇ ਲਗਾਏ ਜਾ ਰਹੇ ਹਨ ਅਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਪ ਸਰਕਾਰ ਵੱਲੋਂ ਕਮਜ਼ੋਰ ਪੱਖ ਰੱਖਣ ਦੇ ਚਲਦੇ ਸੁਪਰੀਮ ਕੋਰਟ ਵੱਲੋਂ ਪੰਜਾਬ ਨੂੰ ਸਖਤ ਹਦਾਇਤਾਂ ਦਿੱਤੀਆਂ ਗਈਆਂ ਹਨ।
ਇੱਥੇ ਇਹ ਵੀ ਜ਼ਿਕਰ ਕਰਨਾ ਬਣਦਾ ਹੈ ਕਿ ਸੁਪਰੀਮ ਕੋਰਟ ਨੇ ਆਪਣੇ ਫੈਸਲੇ ਵਿੱਚ ਕੇਂਦਰ ਸਰਕਾਰ ਨੂੰ ਪੰਜਾਬ ਵਿੱਚ ਬਣਨ ਵਾਲੀ ਐਸ ਵਾਈ ਐਲ ਨਹਿਰ ਦੇ ਮਾਮਲੇ ਵਿੱਚ ਸਰਵੇਖਣ ਕਰਕੇ ਦੋ ਮਹੀਨਿਆਂ ਦੇ ਅੰਦਰ ਅੰਦਰ ਰਿਪੋਰਟ ਦੇਣ ਦੀਆਂ ਹਦਾਇਤਾਂ ਦਿੱਤੀਆਂ ਹਨ। ਇਸ ਕੇਸ ਵਿੱਚ ਹੁਣ ਅਗਲੀ ਤਰੀਕ ਜਨਵਰੀ ਮਹੀਨੇ ਵਿੱਚ ਪਈ ਹੋਈ ਹੈ।
Share the post "ਭਗਵੰਤ ਮਾਨ ਵੱਲੋਂ ਐਸ ਵਾਈ ਐਲ ਸਹਿਤ ਪੰਜਾਬ ਦੇ ਸਾਰੇ ਮੁੱਦਿਆਂ ‘ਤੇ ਵਿਰੋਧੀਆਂ ਨੂੰ ਖੁੱਲੀ ਬਹਿਸ ਦੀ ਚੁਣੌਤੀ"