ਪੰਜਾਬੀ ਖ਼ਬਰਸਾਰ ਬਿਉਰੋ
ਬਰਨਾਲਾ 6 ਸਤੰਬਰ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਅੱਜ ਇੱਥੋਂ ਥੋੜ੍ਹੀ ਦੂਰ ਪਿੰਡ ਚੀਮਾ ਵਿਖੇ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ ਵਿਸ਼ਾਲ ਸਿੱਖਿਆ ਮੀਟਿੰਗ ਵਿੱਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ 28 ਸਤੰਬਰ ਨੂੰ ਬਰਨਾਲਾ ਵਿਖੇ ਵਿਸ਼ਾਲ ਪੱਧਰ ‘ਤੇ ਮਨਾਉਣ ਦਾ ਫੈਸਲਾ ਕੀਤਾ ਗਿਆ। ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਮੀਟਿੰਗ ਵਿੱਚ ਸੂਬਾ ਅਹੁਦੇਦਾਰਾਂ/ਸਲਾਹਕਾਰਾਂ ਤੋਂ ਇਲਾਵਾ ਜ਼ਿਲ੍ਹਾ/ਬਲਾਕ ਅਹੁਦੇਦਾਰਾਂ/ਸਲਾਹਕਾਰਾਂ ਤੇ ਸੌ ਤੋਂ ਵੱਧ ਸਰਗਰਮ ਔਰਤਾਂ ਸਮੇਤ 800 ਤੋਂ ਵੱਧ ਗਿਣਤੀ ਵਿੱਚ ਕਿਸਾਨ ਕਾਰਕੁਨ ਸ਼ਾਮਲ ਹੋਏ। ਸ੍ਰੀ ਉਗਰਾਹਾਂ ਨੇ ਸਿਮਰਨਜੀਤ ਮਾਨ ਵਰਗੇ ਮੌਕਾਪ੍ਰਸਤ ਰਾਜਨੀਤਕ ਆਗੂਆਂ, ਸਾਮਰਾਜੀ ਕਾਰਪੋਰੇਟਾਂ ਦੇ ਝੋਲੀਚੁੱਕ ਬੁੱਧੀਜੀਵੀਆਂ ਅਤੇ ਹਕੂਮਤਾਂ ਵੱਲੋਂ ਸ਼ਹੀਦ ਭਗਤ ਸਿੰਘ ਦੀ ਇਨਕਲਾਬੀ ਵਿਚਾਰਧਾਰਾ ਨੂੰ ਫ਼ਿਰਕੂ ਤੇ ਜ਼ਾਤਪਾਤੀ ਨਫ਼ਰਤਾਂ ਦੀ ਭੇਂਟ ਚਾੜ੍ਹਨ ਦੇ ਕੋਝੇ ਯਤਨਾਂ ਨੂੰ ਨਾਕਾਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਕਤ ਲੁਟੇਰਿਆਂ ਪੱਖੀ ਤਾਕਤਾਂ ਦੇ ਸਾਰੇ ਪਾਟਕ ਪਾਊ ਮਨਸੂਬਿਆਂ ਨੂੰ ਜਨਤਕ ਏਕਤਾ ਤੇ ਸੰਘਰਸ਼ ਦੇ ਜ਼ੋਰ ਪੈਰਾਂ ਹੇਠਾਂ ਰੋਲਦਿਆਂ ਸ਼ਾਨ ਨਾਲ ਜਿੱਤੇ ਗਏ ਕਿਸਾਨ ਘੋਲ਼ ਦੀ ਬਦੌਲਤ ਨੌਜਵਾਨਾਂ ਸਮੇਤ ਆਮ ਲੋਕਾਂ ਅੰਦਰ ਪੈਦਾ ਹੋਈ ਬਦਲਵੇਂ ਲੁੱਟ-ਰਹਿਤ ਰਾਜ ਪ੍ਰਬੰਧ ਦੀ ਤਾਂਘ ਨੂੰ ਸ਼ਹੀਦ ਭਗਤ ਸਿੰਘ ਦੀ ਸਾਮਰਾਜ-ਵਿਰੋਧੀ ਸੋਚ ਦੀ ਪਾਣ ਚਾੜ੍ਹ ਕੇ ਹੀ ਖਰੀ ਇਨਕਲਾਬੀ ਲੋਕ-ਲਹਿਰ ਉਸਾਰੀ ਜਾ ਸਕਦੀ ਹੈ। ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਖਾਸ ਕਰਕੇ ਨੌਜਵਾਨਾਂ ਨੂੰ ਸ਼ਹੀਦ ਦੇ ਜਨਮ ਦਿਹਾੜੇ ਤੇ ਵਹੀਰਾਂ ਘੱਤ ਕੇ 28 ਸਤੰਬਰ ਨੂੰ ਦਾਣਾ ਮੰਡੀ ਬਰਨਾਲਾ ਪੁੱਜਣ ਦਾ ਸੱਦਾ ਦਿੱਤਾ ਤਾਂ ਕਿ ਮਨੁੱਖ ਹੱਥੋਂ ਮਨੁੱਖ ਦੀ ਲੁੱਟ ਦਾ ਮੁਕੰਮਲ ਖਾਤਮਾ ਕਰਨ ਦਾ ਸ਼ਹੀਦ ਦਾ ਸੁਪਨਾ ਪੂਰਾ ਕੀਤਾ ਜਾ ਸਕੇ। ਪੂਰੇ ਇਕੱਠ ਵੱਲੋਂ ਪਾਸ ਕੀਤੇ ਗਏ ਮਤੇ ਰਾਹੀਂ ਪੰਜਾਬ ਦੀਆਂ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਵੱਲੋਂ 12, 13, 14 ਸਤੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਅੱਗੇ ਦਿਨੇ ਰਾਤ ਲਾਏ ਜਾ ਰਹੇ ਧਰਨੇ ਦੀ ਹਮਾਇਤ ਵਿੱਚ ਪੇਂਡੂ ਖੇਤ ਮਜ਼ਦੂਰਾਂ ਨੂੰ ਵੱਡੀ ਪੱਧਰ ‘ਤੇ ਲਾਮਬੰਦ ਕਰਨ ਦੇ ਨਾਲ਼ ਹੀ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ 13 ਸਤੰਬਰ ਨੂੰ ਹਾਈਵੇ-ਜਾਮ ਦੀ ਸਰਗਰਮ ਹਮਾਇਤ ਦਾ ਐਲਾਨ ਕੀਤਾ ਗਿਆ। ਸਟੇਜ ਸਕੱਤਰ ਦੀ ਭੂਮਿਕਾ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਨਿਭਾਈ। ਇਸ ਮੌਕੇ ਹਾਜ਼ਰ ਪ੍ਰਮੁੱਖ ਆਗੂਆਂ ਵਿੱਚ ਹਰਿੰਦਰ ਕੌਰ ਬਿੰਦੂ,ਜਨਕ ਸਿੰਘ ਭੁਟਾਲ, ਰੂਪ ਸਿੰਘ ਛੰਨਾਂ ਅਤੇ ਜਗਤਾਰ ਸਿੰਘ ਕਾਲਾਝਾੜ ਸ਼ਾਮਲ ਸਨ।
Share the post "ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਬਰਨਾਲਾ ਵਿਖੇ ਮਨਾਉਣ ਦਾ ਫੈਸਲਾ"