ਸੁਖਜਿੰਦਰ ਮਾਨ
ਬਠਿੰਡਾ, 21 ਮਾਰਚ: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਹੇਠ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਆਗੂਆਂ ਵਲੋਂ ਪ੍ਰਦਰਸ਼ਨ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ। ਜਥੇਬੰਦੀ ਦੇ ਜਨਰਲ ਸਕੱਤਰ ਰਾਮਕਰਨ ਸਿੰਘ ਰਾਮਾ ਨੇ ਦਸਿਆ ਕਿ ਇਸ ਮੰਗ ਪੱਤਰ ਰਾਹੀ ਕਿਸਾਨ ਅੰਦੋਲਨ ਦੀਆਂ ਬਾਕੀ ਰਹਿੰਦੀਆਂ ਮੰਗਾਂ ਨੂੰ ਤੁਰੰਤ ਪੂਰਾ ਕਰਨ ਤੋਂ ਇਲਾਵਾ ਨਰਮੇ ਕਪਾਹ ਪੱਟੀ ਵਿੱਚ ਗੁਲਾਬੀ ਸੁੰਡੀ ਹੋਏ ਨੁਕਸਾਨ ਦਾ ਮੁਆਵਜ਼ਾ ਵੀ ਤੁਰੰਤ ਦੇਣ ਦੀ ਮੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸਨਰ ਨੇ ਭਰੋਸਾ ਦਿਵਾਇਆ ਕਿ 31 ਮਾਰਚ ਤੱਕ ਸਮੂਹ ਪੀੜਤ ਕਿਸਾਨਾਂ ਤੇ ਮਜਦੂਰਾਂ ਨੂੰ ਬਣਦੀ ਰਾਸ਼ੀ ਅਦਾ ਕਰ ਦਿੱਤੀ ਜਾਵੇਗੀ। ਕਿਸਾਨ ਆਗੂ ਰਾਮਕਰਨ ਸਿੰਘ ਰਾਮਾ ਤੇ ਜਿਲ੍ਹਾ ਪ੍ਰਧਾਨ ਦਾਰਾ ਸਿੰਘ ਮਾਇਸਰਖਾਨਾ ਨੇ ਦੋਸ਼ ਲਗਾਇਆ ਕਿ ਪੰਜਾਬ ਨਾਲ ਵਿਤਕਰੇਬਾਜ਼ੀ ਕਰਦਿਆਂ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰ ਦਿੱਤੀ ਗਈ, ਜਿਸਨੂੰ ਤੁਰਤ ਬਹਾਲ ਕਰਨ ਦੀ ਮੰਗ ਕੀਤੀ ਗਈ ਹੈ। ਇਸੇ ਤਰ੍ਹਾਂ ਐੱਮਐੱਸਪੀ ’ਤੇ ਕਮੇਟੀ ਬਣਾਉਣ, ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਤੇ ਨੌਕਰੀ ਦੇਣ, ਕਿਸਾਨਾਂ ਵਿਰੁਧ ਦਰਜ਼ ਕੇਸਾਂ ਨੂੰ ਵਾਪਸ ਲੈਣ ਦੀ ਵੀ ਮੰਗ ਕੀਤੀ ਗਈ ਹੈ। ਇਸ ਮੌਕੇ ਕਿਸਾਨ ਆਗੂ ਤਾਰਾ ਸਿੰਘ, ਬਲਦੇਵ ਸਿੰਘ, ਮਲਕੀਤ ਸਿੰਘ, ਬਲਵੀਰ ਸਿੰਘ, ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਮੇਲ ਸਿੰਘ, ਸੁਖਵਿੰਦਰ ਸਿੰਘ ਤੇ ਹਰਗੋਬਿੰਦ ਸਿੰਘ ਹਾਜ਼ਰ ਸਨ।
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਦਿੱਤਾ ਮੰਗ ਪੱਤਰ
11 Views