ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਮੁੱਖ ਮੰਤਰੀ ਦਾ ਵੱਡਾ ਫੈਸਲਾ
ਪੰਜਾਬ ਦਿਵਸ ਮੌਕੇ ਰਾਜ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਮਿਸ਼ਨ ਕਲੀਨ ਦੀ ਸ਼ੁਰੂਆਤ
ਮਾਈਨਿੰਗ ਮਾਫੀਆ ਨੂੰ ਨਕੇਲ; ਰੇਤਾ ਸਰਕਾਰੀ ਭਾਅ ਉਤੇ ਹੀ ਲੋਕਾਂ ਨੂੰ ਮਿਲੇਗਾ
ਸਹਿਕਾਰਤਾ ਵਿਭਾਗ ਦੇ ਅਦਾਰਿਆਂ ਵਿੱਚ 747 ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ
ਵੱਡੇ ਪੱਧਰ ਉਤੇ ਤਰਸ ਦੇ ਆਧਾਰ ਉਤੇ ਨੌਕਰੀਆਂ ਦੇ ਕੇ ਬੈਕਲਾਗ ਪੂਰਾ ਕੀਤਾ: ਉਪ ਮੁੱਖ ਮੰਤਰੀ ਰੰਧਾਵਾ
ਸੁਖਜਿੰਦਰ ਮਾਨ
ਚੰਡੀਗੜ੍ਹ, 1 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਦਿਵਸ ਮੌਕੇ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਮਿਸ਼ਨ ਕਲੀਨ ਦਾ ਐਲਾਨ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਵੱਢੀ-ਖੋਰੀ ਵਿੱਚ ਸ਼ਾਮਲ ਅਤੇ ਲੋਕਾਂ ਦੇ ਕੰਮਾਂ ਵਿੱਚ ਅੜਿੱਕੇ ਡਾਹੁਣ ਵਾਲੇ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਚੰਡੀਗੜ੍ਹ ਨਜ਼ਦੀਕ ਖਰੜ-ਲਾਂਡਰਾਂ ਰੋਡ ਉਤੇ ਪੈਂਦੇ ਗਰੈਂਡ ਇੰਪੀਰੀਅਲ ਪੈਲੇਸ ਵਿੱਚ ਸਹਿਕਾਰਤਾ ਵਿਭਾਗ ਵੱਲੋਂ ਕਰਵਾਏ ਗਏ ਰਾਜ ਪੱਧਰੀ ਨਿਯੁਕਤੀ ਪੱਤਰ ਵੰਡ ਸਮਾਰੋਹ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਸੂਬੇ ਵਿੱਚ ਪਾਰਦਰਸ਼ੀ ਤੇ ਲੋਕ-ਪੱਖੀ ਨਿਜ਼ਾਮ ਸਿਰਜਣ ਦਾ ਅਹਿਦ ਲੈਂਦਿਆਂ ਕਿਹਾ ਕਿ ਅੱਜ ਤੋਂ ਸਾਰੇ ਸੂਬੇ ਵਿੱਚ ਮਾਈਨਿੰਗ ਮਾਫ਼ੀਆ ਦੇ ਅੰਤ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਮਾਈਨਿੰਗ ਵਾਲੀ ਹਰੇਕ ਥਾਂ ਉਤੇ ਪੁਲਿਸ ਦਾ ਪਹਿਰਾ ਬਿਠਾ ਦਿੱਤਾ ਗਿਆ ਹੈ ਤਾਂ ਕਿ ਰੇਤੇ ਦੀ ਕਾਲਾਬਾਜ਼ਾਰੀ ਨੂੰ ਠੱਲ੍ਹ ਪਾਈ ਜਾ ਸਕੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਗਈ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਹਰੇਕ ਨੂੰ ਰੇਤਾ 9 ਰੁਪਏ ਪ੍ਰਤੀ ਫੁੱਟ ਦੇ ਸਰਕਾਰੀ ਭਾਅ ਦੇ ਹਿਸਾਬ ਨਾਲ ਮਿਲੇ ਅਤੇ ਜੇਕਰ ਡਿਊਟੀ ਉਤੇ ਤਾਇਨਾਤ ਪੁਲਿਸ ਮੁਲਾਜ਼ਮ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਪਾਏ ਗਏ ਤਾਂ ਉਨ੍ਹਾਂ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇਗੀ।
ਇਕ ਹੋਰ ਅਹਿਮ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ ਕੀਤੀ ਕਿ ਹਫ਼ਤੇ ਤੇ ਮਹੀਨੇ ਲੈਣੇ ਤੁਰੰਤ ਬੰਦ ਕਰਨ ਲਈ ਆਖਿਆ ਤਾਂ ਜੋ ਲੋਕਾਂ ਦਾ ਵਿਸ਼ਵਾਸ ਸਰਕਾਰ ਵਿੱਚ ਮਜ਼ਬੂਤ ਹੋਵੇ। ਇਸ ਦੇ ਨਾਲ ਹੀ ਉਨ੍ਹਾਂ ਵਿਜੀਲੈਂਸ ਨੂੰ ਵੀ ਆਦੇਸ਼ ਦਿੱਤੇ ਕਿ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਉਤੇ ਫੌਰੀ ਅਮਲ ਯਕੀਨੀ ਬਣਾਇਆ ਜਾਵੇ ਅਤੇ ਭ੍ਰਿਸ਼ਟਾਚਾਰੀਆਂ ਨੂੰ ਫੜਨ ਦੀ ਕਾਰਜਪ੍ਰਣਾਲੀ ਨੂੰ ਚੁਸਤ-ਦਰੁਸਤ ਕੀਤਾ ਜਾਵੇ।
ਮੁੱਖ ਮੰਤਰੀ ਚੰਨੀ ਨੇ ਅੱਜ ਪੰਜਾਬ ਦਿਵਸ ਮੌਕੇ ਸਹਿਕਾਰਤਾ ਵਿਭਾਗ ਦੇ ਵੱਖ-ਵੱਖ ਅਦਾਰਿਆਂ ਵਿੱਚ ਨੌਕਰੀ ਹਾਸਲ ਕਰਨ ਵਾਲੇ 750 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਵੱਡਾ ਐਲਾਨ ਕੀਤਾ ਕਿ ਸਰਕਾਰੀ ਪੈਸੇ ਦਾ ਸਾਰਾ ਲੈਣ-ਦੇਣ ਪ੍ਰਾਈਵੇਟ ਬੈਂਕਾਂ ਦੀ ਥਾਂ ਸਹਿਕਾਰੀ ਬੈਂਕਾਂ ਰਾਹੀਂ ਕੀਤਾ ਜਾਵੇਗਾ। ਇਸ ਫੈਸਲੇ ਨੂੰ ਲਾਗੂ ਕਰਨ ਲਈ ਜਲਦੀ ਮਤਾ ਲਿਆ ਕੇ ਪੰਜਾਬ ਕੈਬਨਿਟ ਵੱਲੋਂ ਪ੍ਰਵਾਨਗੀ ਦੇ ਦਿੱਤੀ ਜਾਵੇਗੀ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਸਰਕਾਰੀ ਅਦਾਰਿਆਂ ਦੇ ਨਾਲ-ਨਾਲ ਅਰਧ ਸਰਕਾਰੀ ਅਦਾਰਿਆਂ ਦਾ ਲੈਣ-ਦੇਣ ਵੀ ਸਹਿਕਾਰੀ ਬੈਂਕਾਂ ਰਾਹੀਂ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਇਸ ਫੈਸਲੇ ਨੂੰ 15 ਦਿਨਾਂ ਵਿੱਚ ਲਾਗੂ ਕਰਨ ਦਾ ਭਰੋਸਾ ਦਿੱਤਾ।
ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਪ੍ਰਗਟਾਉਂਦਿਆਂ ਸ. ਚੰਨੀ ਨੇ ਕਿਹਾ ਕਿ ਸੂਬੇ ਵਿੱਚ ਇਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਭਰਤੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ। ਇਸ ਨੂੰ ਜਲਦੀ ਮੁਕੰਮਲ ਕਰਨ ਤੋਂ ਬਾਅਦ ਹੋਰ ਭਰਤੀ ਵੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਸਾਰੀ ਭਰਤੀ ਬਿਨਾਂ ਕਿਸੇ ਪੱਖਪਾਤ ਤੋਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਕੀਤੀ ਜਾ ਰਹੀ ਹੈ।
ਪੰਜਾਬ ਦੀ ਨੌਜਵਾਨੀ ਨੂੰ ਸਿਸਟਮ ਵਿੱਚ ਸੁਧਾਰ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਸ. ਚੰਨੀ ਨੇ ਕਿਹਾ ਕਿ ਸਰਕਾਰ ਜਿੱਥੇ ਆਪਣੀ ਜ਼ਿੰਮੇਵਾਰੀ ਨਿਭਾ ਰਹੀ ਹੈ, ਉਥੇ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਲੋਕਾਂ ਨੂੰ ਬਿਨਾਂ ਕਿਸੇ ਵਿਤਕਰੇ ਤੇ ਦੇਰੀ ਦੇ ਭ੍ਰਿਸ਼ਟਾਚਾਰ ਰਹਿਤ ਸੇਵਾਵਾਂ ਦੇਣ।
ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਰਕਾਰੀ ਪੈਸੇ ਦਾ ਲੈਣ-ਦੇਣ ਸਹਿਕਾਰੀ ਬੈਂਕਾਂ ਰਾਹੀਂ ਕਰਨ ਦਾ ਕੀਤਾ ਗਿਆ ਫੈਸਲਾ ਇਨ੍ਹਾਂ ਬੈਂਕਾਂ ਨੂੰ ਸੁਰਜੀਤ ਕਰਨ ਲਈ ਮੀਲ ਪੱਥਰ ਸਾਬਤ ਹੋਵੇਗਾ। ਇਸ ਮੌਕੇ ਸ. ਰੰਧਾਵਾ ਨੇ ਦੱਸਿਆ ਕਿ ਅੱਜ ਸਹਿਕਾਰਤਾ ਵਿਭਾਗ ਦੇ ਤਿੰਨਾਂ ਅਦਾਰਿਆਂ ਸਹਿਕਾਰੀ ਬੈਂਕਾਂ, ਵੇਅਰਹਾਊਸਿੰਗ ਅਤੇ ਸ਼ੂਗਰਫੈੱਡ ਵਿੱਚ 747 ਨਵੇਂ ਮੁਲਾਜ਼ਮ ਭਰਤੀ ਕੀਤੇ ਗਏ ਹਨ, ਜਿਨ੍ਹਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ। ਇਨ੍ਹਾਂ ਵਿੱਚ ਸਹਿਕਾਰੀ ਬੈਂਕਾਂ ਦੇ 623, ਵੇਅਰਹਾਊਸਿੰਗ ਕਾਰਪੋਰੇਸ਼ਨ ਦੇ 97 ਅਤੇ ਸ਼ੂਗਰਫੈੱਡ ਦੇ 27 ਮੁਲਾਜ਼ਮ ਸ਼ਾਮਲ ਹਨ। ਅੱਜ ਸੀਨੀਅਰ ਮੈਨੇਜਰ, ਮੈਨੇਜਰ, ਆਈ.ਟੀ.ਓ., ਕਲਰਕ, ਤਕਨੀਕੀ ਸਹਾਇਕ ਅਤੇ ਡੇਟਾ ਐਂਟਰੀ ਅਪਰੇਟਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।ਸ. ਰੰਧਾਵਾ ਨੇ ਦੱਸਿਆ ਕਿ ਤਰਸ ਦੇ ਆਧਾਰ ਉਤੇ ਨਿਯੁਕਤੀਆਂ ਦਾ ਬੈਕਲਾਗ ਪੂਰਾ ਕਰਦਿਆਂ 1996 ਤੋਂ ਬਾਅਦ 27 ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਨੌਕਰੀ ਦਿੱਤੀ ਗਈ ਹੈ। ਉਨ੍ਹਾਂ ਪੰਜਾਬ ਦਿਵਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਲਛਮਣ ਸਿੰਘ ਗਿੱਲ ਨੂੰ ਚੇਤੇ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਪਾਇਆ ਯੋਗਦਾਨ ਭੁਲਾਇਆ ਨਹੀਂ ਜਾ ਸਕਦਾ।
ਸਮਾਗਮ ਦੌਰਾਨ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਨਵੀਂ ਭਰਤੀ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਆਪਣਾ ਕੰਮ ਸਮਰਪਣ ਭਾਵਨਾ ਨਾਲ ਕਰਨ ਲਈ ਆਖਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ 3.33 ਮੀਟਰਿਕ ਟਨ ਯੂਰੀਆ ਦੀ ਸਪਲਾਈ ਨਿਰਧਾਰਤ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਡੀ.ਏ.ਪੀ. ਦੀ ਕਿਸਾਨਾਂ ਨੂੰ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ, ਜਿਸ ਦੀ ਸਪਲਾਈ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।
ਸਮਾਗਮ ਦੌਰਾਨ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਕੁਲਦੀਪ ਸਿੰਘ ਵੈਦ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਵਧੀਕ ਮੁੱਖ ਸਕੱਤਰ ਸਹਿਕਾਰਤਾ ਅਨੁਰਾਗ ਅਗਰਵਾਲ, ਵਿੱਤ ਕਮਿਸ਼ਨਰ (ਵਿਕਾਸ) ਡੀ.ਕੇ. ਤਿਵਾੜੀ, ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਰੁਣ ਰੂਜ਼ਮ, ਪੰਜਾਬ ਰਾਜ ਸਹਿਕਾਰੀ ਬੈਂਕਾਂ ਦੇ ਐਮ.ਡੀ. ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਮੋਹਾਲੀ ਈਸ਼ਾ ਕਾਲੀਆ ਅਤੇ ਐਸ.ਐਸ.ਪੀ. ਮੋਹਾਲੀ ਨਵਜੋਤ ਸਿੰਘ ਮਾਹਲ ਹਾਜ਼ਰ ਸਨ।
Share the post "ਮੁੱਖ ਮੰਤਰੀ ਚੰਨੀ ਵੱਲੋਂ ਸਾਰੇ ਸਰਕਾਰੀ ਪੈਸੇ ਦਾ ਲੈਣ-ਦੇਣ ਸਹਿਕਾਰੀ ਬੈਂਕਾਂ ਰਾਹੀਂ ਕਰਨ ਦਾ ਐਲਾਨ"