ਹਰਿਆਣਾ ਸਰਕਾਰ ਨੇ 700 ਵਿਦਿਆਰਥੀਆਂ ਨਾਲ ਕੀਤਾ ਸੰਪਰਕ, ਮੁੰਬਈ ਏਅਰਪੋਰਟ ਵੀ ਬਣਾਇਆ ਕੰਟਰੋਲ ਰੂਮ
ਸੁਖਜਿੰਦਰ ਮਾਨ
ਚੰਡੀਗੜ੍ਹ, 1 ਮਾਰਚ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਯੂਕਰੇਨ ਵਿਚ ਫਸੇ ਹਰਿਆਣਾ ਦੇ ਸਾਰੇ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾਵੇਗਾ। ਇਸ ਦੇ ਲਈ ਭਾਰਤ ਦਾ ਵਿਦੇਸ਼ ਮੰਤਰਾਲਾ ਅਤੇ ਹਰਿਆਣਾ ਸਰਕਾਰ ਪੂਰੀ ਕੋਸ਼ਿਸ਼ ਕਰ ਰਹੀ ਹੈ। ਹੁਣ ਤੱਕ ਹਰਿਆਣਾ ਸਰਕਾਰ ਨੇ ਮੇਲ ਆਈਡੀ, ਵਟਸਐਪ ਅਤੇ ਹੋਰ ਸੰਚਾਰ ਮਾਧਿਅਮਾਂ ਰਾਹੀਂ 700 ਵਿਦਿਆਰਥੀਆਂ ਨਾਲ ਸੰਪਰਕ ਕੀਤਾ ਹੈ। 90 ਵਿਦਿਆਰਥੀ ਵੀ ਵਾਪਸ ਆ ਗਏ ਹਨ। ਮੁੱਖ ਮੰਤਰੀ ਮੰਗਲਵਾਰ ਨੂੰ ਕਰਨਾਲ ਵਿੱਚ ਆਪਣੇ ਇੱਕ ਦਿਨਾ ਠਹਿਰਾਅ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇ ਰਹੇ ਸਨ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਯੂਕਰੇਨ ਸੰਕਟ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਪਹਿਲਾਂ ਹੀ ਇੱਕ ਕੰਟਰੋਲ ਰੂਮ ਸਥਾਪਤ ਕਰ ਦਿੱਤਾ ਹੈ। ਵਿਦਿਆਰਥੀਆਂ ਦੀ ਮਦਦ ਲਈ ਦਿੱਲੀ ਏਅਰਪੋਰਟ ‘ਤੇ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹਰਿਆਣਾ ਦੇ ਕੁਝ ਵਿਦਿਆਰਥੀ ਵੀ ਯੂਕਰੇਨ ਤੋਂ ਹਵਾਈ ਜਹਾਜ਼ ਰਾਹੀਂ ਮੁੰਬਈ ਪੁੱਜੇ ਹਨ, ਜਿਨ੍ਹਾਂ ਦੀ ਮਦਦ ਲਈ ਉੱਥੇ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਦਿੱਲੀ ਅਤੇ ਹਰਿਆਣਾ ਲਿਆਉਣ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ। ਭਾਰਤ ਦਾ ਵਿਦੇਸ਼ ਮੰਤਰਾਲਾ ਇਸ ਪੂਰੇ ਮਾਮਲੇ ‘ਤੇ ਤਿੱਖੀ ਨਜ਼ਰ ਰੱਖ ਰਿਹਾ ਹੈ। ਕੇਂਦਰ ਸਰਕਾਰ ਦੇ ਚਾਰ ਮੰਤਰੀ ਯੂਕਰੇਨ ਦੇ ਨਾਲ ਲੱਗਦੇ ਚਾਰ ਦੇਸ਼ਾਂ ਵਿੱਚ ਪਹੁੰਚ ਚੁੱਕੇ ਹਨ, ਉਹ ਉਨ੍ਹਾਂ ਦੇਸ਼ਾਂ ਨਾਲ ਗੱਲਬਾਤ ਕਰਕੇ ਭਾਰਤੀ ਨਾਗਰਿਕਾਂ ਨੂੰ ਦੇਸ਼ ਲਿਆਉਣ ਲਈ ਯਤਨ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਜਿੱਥੋਂ ਦੇ ਨਾਗਰਿਕ ਯੂਕਰੇਨ ਵਿੱਚ ਫਸੇ ਹੋਏ ਹਨ, ਉਨ੍ਹਾਂ ਪਰਿਵਾਰਾਂ ਦੇ ਸੰਪਰਕ ਵਿੱਚ ਹਨ।
Share the post "ਯੂਕਰੇਨ ਵਿਚ ਫਸੇ ਹਰ ਹਰਿਆਣਵੀਂਆਂ ਨੂੰ ਲਿਆਇਆ ਜਾਵੇਗਾ ਸੁਰੱਖਿਅਤ ਵਾਪਸ – ਮੁੱਖ ਮੰਤਰੀ"