ਦਿੱਲੀ ਕੌਮਾਂਤਰੀ ਹਵਾਈ ਅੱਡੇ ‘ਤੇ ਮੰਗੀ ਪੰਜਾਬ ਦੀਆਂ ਸਰਕਾਰੀ ਬੱਸਾਂ ਦੀ ਐਂਟਰੀ
ਸੁਖਜਿੰਦਰ ਮਾਨ
ਚੰਡੀਗੜ੍ਹ, 11 ਅਕਤੂਬਰ: ਪੰਜਾਬ ਦੀ ਜਨਤਕ ਬੱਸ ਸੇਵਾ ਨੂੰ ਪੈਰਾਂ ਸਿਰ ਖੜ੍ਹੇ ਕਰਨ ਲਈ ਪਿਛਲੇ ਕੁਝ ਦਿਨਾਂ ਤੋਂ ਭੱਜ ਦੌੜ ਕਰ ਰਹੇ ਸੂਬੇ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਮਿਲਣ ਦਾ ਸਮਾਂ ਮੰਗਿਆ ਹੈ। ਉਨ੍ਹਾਂ ਇਹ ਸਮਾਂ ਪਿਛਲੇ ਕਰੀਬ ਤਿੰਨ ਸਾਲਾਂ ਤੋਂ ਦਿੱਲੀ ਸਰਕਾਰ ਦੁਆਰਾ ਪੰਜਾਬ ਦੀ ਸਰਕਾਰੀ ਬੱਸ ਸੇਵਾ ਦੀ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਜਾਣ ਤੋਂ ਲੱਗੀ ਰੋਕ ਨੂੰ ਹਟਾਉਣ ਲਈ ਚਾਰਾਜੋਈ ਕਰਨ ਵਾਸਤੇ ਮੰਗਿਆ ਹੈ।ਦਸਣਾ ਬਣਦਾ ਹੈ ਕਿ ਪੰਜਾਬ ਸਰਕਾਰ ਵਲੋਂ ਵਿਦੇਸ਼ਾਂ ਵਿੱਚ ਜਾਣ ਵਾਲੇ ਪੰਜਾਬੀਆਂ ਨੂੰ ਕਿਫਾਇਤੀ ਦਰ ਉਪਰਲਿਜਾਣ ਤੇ ਲਿਆਉਣ ਲਈ ਸੂਬੇ ਦੇ ਵੱਖ ਵੱਖ ਸਹਿਰਾ ਤੋਂ ਇਹ ਬੱਸ ਸੇਵਾ ਚਲਾਈ ਜਾ ਰਹੀ ਸੀ ਪਰੰਤੂ ਦਿੱਲੀ ਦੇ ਟ੍ਰਾਂਸਪੋਰਟ ਵਿਭਾਗ ਨੇ ਨਵੰਬਰ 2018 ਵਿੱਚ ਇਸ ਸੇਵਾ ਦੀ ਬਰੇਕ ਲਗਾ ਦਿੱਤੀ ਗਈ ਸੀ ਪਰੰਤੂ ਪ੍ਰਾਈਵੇਟ ਟ੍ਰਾਂਸਪੋਰਟ ਲਗਾਤਾਰ ਚੱਲ ਰਹੀ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਦੋਸ ਲਗਾਇਆ ਕਿ “ਦਿੱਲੀ ਸਰਕਾਰ ਦੀ ਆਮ ਲੋਕਾਂ ਪ੍ਰਤੀ ਬੇਰੁਖ਼ੀ ਦਾ ਪਤਾ ਇਸ ਗੱਲ ਤੋਂ ਸਹਿਜੇ ਹੀ ਲਗਾਇਆ ਜਾ ਸਕਦਾ ਹੈ ਕਿ ਦਿੱਲੀ ਟਰਾਂਸਪੋਰਟ ਵਿਭਾਗ ਨੇ ਪ੍ਰਾਈਵੇਟ ਬੱਸ ਆਪ੍ਰੇਟਰਾਂ
ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਬੱਸਾਂ ਚਲਾਉਣ ਦੀ ਆਗਿਆ ਦਿੱਤੀ ਹੋਈ ਹੈ।” ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦਾ ਟਰਾਂਸਪੋਰਟ ਮੰਤਰੀ ਹੋਣ ਦੇ ਨਾਤੇ ਲੋਕਾਂ ਨੂੰ ਸਸਤਾ ਅਤੇ ਵਧੀਆ ਸੇਵਾਵਾਂ ਦੇਣਾ ਮੇਰਾ ਮੁੱਢਲਾ ਫ਼ਰਜ਼ ਬਣਦਾ ਹੈ ਅਤੇ ਮੈਂ ਪਹਿਲੇ ਦਿਨ ਤੋਂ ਇਸ ਦਿਸ਼ਾ ਵਿੱਚ ਕੰਮ ਕਰ ਰਿਹਾ ਹਾਂ। ਵੜਿੰਗ ਨੇ ਅੱਗੇ ਕਿਹਾ ਕਿ ਦਿੱਲੀ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਲਟਕਾਏ ਜਾ ਰਹੇ ਇਸ ਮੁੱਦੇ ਦੇ ਹੱਲ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਨਿੱਜੀ ਤੌਰ ‘ਤੇ ਮਿਲਣ ਲਈ ਢੁਕਵੀਂ ਤਰੀਕ ਅਤੇ ਸਮਾਂ ਮੰਗਿਆ ਹੈ ਤਾਂ ਜੋ ਪੰਜਾਬ ਤੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਸਰਕਾਰੀ ਬੱਸ ਸੇਵਾ ਬੰਦ ਕਰਨ ਦੇ ਦਿੱਲੀ ਸਰਕਾਰ ਦੇ ਫ਼ੈਸਲੇ ਨੂੰ ਰੱਦ ਕਰਵਾ ਸਕਾਂ ।ਇਸ ਸਬੰਧੀ ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਪਹਿਲਾਂ ਵੀ ਦਿੱਲੀ ਟਰਾਂਸਪੋਰਟ ਅਥਾਰਿਟੀ ਨਾਲ ਕਈ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਨੂੰ ਕਈ ਪੱਤਰ ਲਿਖਣ ਸਮੇਤ ਕਈ ਵਾਰ ਬੇਨਤੀਆਂ ਵੀ ਕੀਤੀਆਂ ਜਾ ਚੁੱਕੀਆਂ ਹਨ ਪਰ ਕੋਈ ਲਾਭ ਨਹੀਂ ਹੋਇਆ। ਮੰਤਰੀ ਨੇ ਇਸ ਲੋਕ-ਪੱਖੀ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਦੀ ਜਨਤਾ ਤੋਂ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਅਤੇ ਨਿਰੰਤਰ ਸਹਿਯੋਗ ਦੀ ਮੰਗ ਵੀ ਕੀਤੀ ਹੈ। ਇੱਥੇ ਦੱਸਣਾ ਬਣਦਾ ਹੈ ਕਿ ਮੰਤਰੀ ਬਣਨ ਦੇ ਕੁਝ ਦਿਨਾਂ ਵਿੱਚ ਹੀ ਰਾਜਾ ਵੜਿੰਗ ਨੇ ਪਿਛਲੇ ਕੁਝ ਸਮੇਂ ਤੋਂ ਚਰਚਿਤ ਪ੍ਰਾਈਵੇਟ ਟਰਾਂਸਪੋਰਟ ਮਾਫੀਆ ਨੂੰ ਵੱਡੀ ਨੱਥ ਪਾਈ ਹੈ ਅਤੇ ਬਿਨਾਂ ਟੈਕਸ ਭਰੇ ਸੜਕਾਂ ਤੇ ਚੱਲ ਰਹੀਆਂ ਦਰਜਨਾਂ ਬੱਸਾਂ ਨੂੰ ਜ਼ਬਤ ਕੀਤਾ ਹੈ।
Share the post "ਰਾਜਾ ਵੜਿੰਗ ਨੇ ਅਰਵਿੰਦ ਕੇਜਰੀਵਾਲ ਤੋਂ ਮਿਲਣ ਦਾ ਮੰਗਿਆ ਸਮਾਂ, ਜਾਣੋ ਕਿਉਂ ?"