ਸੁਖਜਿੰਦਰ ਮਾਨ
ਬਠਿੰਡਾ, 15 ਫ਼ਰਵਰੀ : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੱਲਵੀ ਚੌਧਰੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਚ ਸਥਿਤ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਵਿਸ਼ੇਸ਼ ਬੈਠਕ ਕੀਤੀ। ਬੈਠਕ ਦੌਰਾਨ ਮੈਡਮ ਪਲਵੀ ਚੌਧਰੀ ਨੇ ਸਿਹਤ ਵਿਭਾਗ ਦੇ ਵੱਖ-ਵੱਖ ਪ੍ਰੋਗਰਾਮਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿੱਤੇ। ਬੈਠਕ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਮੈਡਮ ਪਲਵੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇਨ੍ਹਾਂ ਦਾ ਲਾਭ ਜ਼ਮੀਨੀ ਪੱਧਰ ਤੇ ਪਹੁੰਚਾਇਆ ਜਾਵੇ ਤਾਂ ਜੋ ਯੋਗ ਲਾਭਪਾਤਰੀ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕੋਵਿਡ ਟੀਕਾਕਰਨ, ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਆਰ.ਬੀ.ਐਸ.ਕੇ., ਟੀਕਾਕਰਨ, ਪਰਿਵਾਰ ਨਿਯੋਜਨ, ਨੈਸ਼ਨਲ ਟੀ.ਬੀ. ਪ੍ਰੋਗਰਾਮ, ਆਮ ਆਦਮੀ ਕਲੀਨਿਕਾਂ, ਤੰਬਾਕੂ ਐਕਟ, ਫੂਡ ਪ੍ਰੋਗਰਾਮਾਂ, ਡੇਂਗੂ, ਸਵਾਇਨ ਫਲੂ ਅਤੇ ਮਲੇਰੀਆ ਆਦਿ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ। ਇਸ ਦੌਰਾਨ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਰ.ਬੀ.ਐਸ.ਕੇ. ਪ੍ਰੋਗਰਾਮ ਅਧੀਨ ਜ਼ਿਲ੍ਹੇ ਚ ਗਠਿਤ ਸਿਹਤ ਟੀਮਾਂ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਦੇ ਬੱਚਿਆਂ ਨੂੰ ਸਿਹਤ ਸੇਵਾਵਾਂ ਦੇ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ 24 ਆਮ ਆਦਮੀ ਕਲੀਨਿਕ ਸਫ਼ਲਤਾ ਪੂਰਵਕ ਚੱਲ ਰਹੇ ਹਨ ਤੇ ਆਮ ਲੋਕਾਂ ਇਸ ਦਾ ਪੂਰਨ ਲਾਭ ਉਠਾ ਰਹੇ ਹਨ। ਉਨ੍ਹਾਂ ਦੱਸਿਆ ਕਿ ਆਯੂਸਮਾਨ ਭਾਰਤ ਸਿਹਤ ਬੀਮਾ ਯੋਜਨਾ ਅਧੀਨ ਪ੍ਰਾਈਵੇਟ ਹਸਪਤਾਲਾਂ ਨੂੰ ਭੁਗਤਾਨ ਕਰ ਦਿੱਤਾ ਗਿਆ ਹੈ ਅਤੇ ਸਬੰਧਤ ਹਸਪਤਾਲਾਂ ਨੇ ਸਿਹਤ ਸੇਵਾਵਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਗਠਿਤ ਫੂਡ ਟੀਮਾਂ ਦੁਆਰਾ ਲੋਕਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਤੇ ਸਾਫ਼-ਸੁਥਰੀਆਂ ਵਸਤਾਂ ਮੁਹੱਈਆ ਕਰਵਾਉਣ ਲਈ ਖਾਣ ਵਾਲੀਆਂ ਵਸਤਾਂ ਦੇ ਸੈਂਪਲ ਭਰੇ ਜਾ ਰਹੇ ਹਨ।ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੁਖਜਿੰਦਰ ਸਿੰਘ ਗਿੱਲ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਮਨ ਸਿੰਗਲਾ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਉੂਸ਼ਾ ਗੋਇਲ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਪਾਮਿਲ ਬਾਂਸਲ, ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਤੋਂ ਇਲਾਵਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਕੀਤੀ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਸਮੀਖਿਆ ਬੈਠਕ
7 Views