ਕਿਹਾ : ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਨਾ ਆਉਣ ਦਿੱਤੀ ਜਾਵੇ ਕਿਸੇ ਤਰ੍ਹਾਂ ਦੀ ਮੁਸ਼ਕਿਲ
ਸੁਖਜਿੰਦਰ ਮਾਨ
ਬਠਿੰਡਾ, 17 ਜੁਲਾਈ : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਪਲਵੀ ਚੌਧਰੀ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਿਹਤ ਵਿਭਾਗ ਦੇ ਵੱਖ-ਵੱਖ ਪ੍ਰੋਗ੍ਰਾਮਾਂ ਦੀ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਪਲਵੀ ਚੌਧਰੀ ਨੇ ਸਿਹਤ ਵਿਭਾਗ ਦੇ ਮਹੀਨਾ ਜੂਨ ਦੇ ਸਿਹਤ ਪ੍ਰੋਗ੍ਰਾਮਾਂ ਅਤੇ ਰਿਪੋਰਟਾਂ ਸਬੰਧੀ ਜਾਣਕਾਰੀ ਲੈਂਦਿਆਂ ਇਨ੍ਹਾਂ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ। ਡਾ ਪੱਲਵੀ ਨੇ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ ਅਤੇ ਲੋਕਾਂ ਨੂੰ ਸਿਹਤ ਸਕੀਮਾਂ ਦਾ ਵੱਧ ਤੋਂ ਵੱਧ ਫਾਇਦਾ ਦਿੱਤਾ ਜਾਵੇ। ਉਹਨਾਂ ਸਮੂਹ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਦੇ ਦਿੱਤੇ ਹੋਏ ਟੀਚਾ ਪੂਰੇ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਦੌਰਾਨ ਉਨ੍ਹਾਂ ਬਰਸਾਤਾਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਹੜ੍ਹਾਂ ਦੇ ਸੰਭਾਵਿਤ ਖਤਰੇ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਵ ਵੱਲੋਂ ਬਣਾਈਆਂ ਰੈਪਿਡ ਰਸਪਾਂਸ ਟੀਮਾਂ ਅਤੇ ਹਸਪਤਾਲਾਂ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਮੂਹ ਹਾਜ਼ਰੀਨ ਨੂੰ ਆਪਣੀਆਂ -ਆਪਣੀਆਂ ਸੰਸਥਾਵਾਂ ਵਿੱਚ ਡੇਂਗੂ ਅਤੇ ਹੋਰ ਬਿਮਾਰੀਆਂ ਲਈ ਵਧੀਆ ਤਰੀਕੇ ਨਾਲ ਪ੍ਰਬੰਧ ਕਰਨ ਲਈ ਵੀ ਕਿਹਾ।ਮੀਟਿੰਗ ਦੌਰਾਨ ਚੇਅਰਮੈਨ ਜ਼ਿਲ੍ਹਾ ਯੋਜ਼ਨਾ ਕਮੇਟੀ ਅੰਮ੍ਰਿਤ ਲਾਲ ਅਗਰਵਾਲ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਸਕੱਤਰ ਰੈਡ ਕਰਾਸ ਦਰਸਨ ਕੁਮਾਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮੀਨਾਕਸ਼ੀ ਸਿੰਗਲਾ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੁਖਜਿੰਦਰ ਸਿੰਘ ਗਿੱਲ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ, ਡਾ. ਰੋਜ਼ੀ ਅਗਰਵਾਲ, ਡਾ. ਮਯੰਕਜੋਤ ਸਿੰਘ, ਡਾ. ਰੂਪਾਲੀ, ਸਮੂਹ ਸੀਨੀਅਰ ਮੈਡੀਕਲ ਅਫ਼ਸਰ, ਐਨ.ਐਚ.ਐਮ ਸਟਾਫ਼ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।
Share the post "ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਵੱਖ-ਵੱਖ ਪ੍ਰੋਗ੍ਰਾਮਾਂ ਦੀ ਕੀਤੀ ਸਮੀਖਿਆ ਮੀਟਿੰਗ"