ਮੁੱਖ ਮੰਤਰੀ ਵੱਲੋਂ ਭਿ੍ਰਸਟਾਚਾਰ ਮੁਕਤ ਪ੍ਰਸਾਸਨ ਮੁਹੱਈਆ ਕਰਵਾਉਣ ਦਾ ਅਹਿਦ
ਭਿ੍ਰਸਟਾਚਾਰ ਦੇ ਖਾਤਮੇ ਲਈ ਲੋਕਾਂ ਦੀ ਜਾਗਰੂਕਤਾ ਅਹਿਮ ਭੂਮਿਕਾ ਨਿਭਾਏਗੀ : ਵਰਿੰਦਰ ਕੁਮਾਰ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 31 ਅਕਤੂਬਰ:ਸਮਾਜ ਵਿੱਚ ਪਾਰਦਰਸਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਉਤਸਾਹਿਤ ਕਰਨ ਲਈ, ਅੱਜ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭਿ੍ਰਸਟਾਚਾਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ‘ਵਿਜੀਲੈਂਸ ਜਾਗਰੂਕਤਾ ਹਫਤਾ‘ ਮਨਾਉਂਦਿਆਂ ਆਪਣੇ ਅਧਿਕਾਰੀਆਂ/ਕਰਮਚਾਰੀਆਂ ਨੂੰ ਜਾਗਰੂਕ ਕੀਤਾ ਗਿਆ। ਇਸ ਜਾਗਰੂਕਤਾ ਹਫਤੇ ਦੀ ਸੁਰੂਆਤ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸੂਬੇ ‘ਚ ਭਿ੍ਰਸਟਾਚਾਰ ਮੁਕਤ ਪ੍ਰਸਾਸਨ ਮੁਹੱਈਆ ਕਰਵਾਉਣ ਲਈ ਸਰਕਾਰ ਦੀ ਭਿ੍ਰਸਟਾਚਾਰ ਵਿਰੋਧੀ ਮੁਹਿੰਮ ‘ਚ ਲੋਕਾਂ ਨੂੰ ਸਹਿਯੋਗ ਦੇਣ ਦਾ ਸੰਦੇਸ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਐਂਟੀ ਕਰੱਪਸ਼ਨ ਐਕਸਨ ਲਾਈਨ ਵਟਸਐਪ ਨੰਬਰ 95012-00200 ‘ਤੇ ਸਹੀ ਜਾਣਕਾਰੀ ਭੇਜਣ ਲਈ ਕਿਹਾ ਹੈ ਅਤੇ ਵਿਸਵਾਸ ਦਿਵਾਇਆ ਹੈ ਕਿ ਭਿ੍ਰਸਟਚਾਰ ਵਿੱਚ ਸ਼ਾਮਲ ਕਿਸੇ ਨੂੰ ਵੀ ਬਖਸਿਆ ਨਹੀਂ ਜਾਵੇਗਾ। ਸੂਬੇ ਭਰ ਵਿੱਚ 31 ਅਕਤੂਬਰ ਤੋਂ 6 ਨਵੰਬਰ ਤੱਕ ‘ਵਿਜੀਲੈਂਸ ਜਾਗਰੂਕਤਾ ਹਫਤਾ’ ਮਨਾਇਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਏ.ਡੀ.ਜੀ.ਪੀ.-ਕਮ-ਚੀਫ਼ ਡਾਇਰੈਕਟਰ ਸ੍ਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਇਹ ਸਪਤਾਹ ਮਨਾਉਣ ਦਾ ਉਦੇਸ ਸਰਕਾਰੀ ਦਫਤਰਾਂ ਅਤੇ ਸਮਾਜ ਵਿੱਚੋਂ ਭਿ੍ਰਸਟਾਚਾਰ ਦੇ ਖ਼ਾਤਮੇ ਲਈ ਅਹਿਮ ਭੂਮਿਕਾ ਨਿਭਾਉਣ ਵਾਸਤੇ ਆਮ ਲੋਕਾਂ ਨੂੰ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ‘ਭਿ੍ਰਸਟਾਚਾਰ ਮੁਕਤ ਸੂਬਾ’ ਯਕੀਨੀ ਬਣਾਉਣ ਲਈ ਲੋਕਾਂ ਦੀ ਸਰਗਰਮ ਭੂਮਿਕਾ ਵਾਸਤੇ ਸਾਡੇ ਲਗਾਤਾਰ ਯਤਨਾਂ ਦੇ ਹਿੱਸੇ ਵਜੋਂ ਇਹ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ। ਇਸ ਹਫ਼ਤੇ ਦੌਰਾਨ ਅਧਿਕਾਰੀਆਂ ਨੂੰ ਰੋਕਥਾਮ ਉਪਾਵਾਂ ਨੂੰ ਪ੍ਰਭਾਵਸਾਲੀ ਢੰਗ ਨਾਲ ਲਾਗੂ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ ਤਾਂ ਜੋ ਪਾਰਦਰਸਤਾ ਅਤੇ ਜਵਾਬਦੇਹੀ ਬਰਕਰਾਰ ਰੱਖੀ ਜਾ ਸਕੇ। ਉਹਨਾਂ ਅੱਗੇ ਦੱਸਿਆ ਕਿ ਇਸ ਜਾਗਰੂਕਤਾ ਹਫ਼ਤੇ ਦਾ ਮੰਤਵ ਕੇਂਦਰੀ ਵਿਜੀਲੈਂਸ ਕਮਿਸਨ ਵੱਲੋਂ ਸੰਕਲਪਿਤ ‘ਵਿਕਸਿਤ ਰਾਸਟਰ ਲਈ ਭਿ੍ਰਸਟਾਚਾਰ ਮੁਕਤ ਭਾਰਤ‘ ਦੇ ਆਸੇ ਤਹਿਤ ਭਿ੍ਰਸਟਾਚਾਰ ਮੁਕਤ ਸਮਾਜ ਦੀ ਸਿਰਜਣਾ ਕਰਨਾ ਹੈ।
ਵਿਜੀਲੈਂਸ ਬਿਊਰੋ ਦੇ ਮੁਖੀ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕੁਸਲਤਾ ਨਾਲ ਕੰਮ ਕਰਨ ਅਤੇ ਲੰਬਿਤ ਵਿਜੀਲੈਂਸ ਕੇਸਾਂ ਦਾ ਜਲਦ ਨਿਪਟਾਰਾ ਕਰਨ ਲਈ ਕਿਹਾ। ਵਿਜੀਲੈਂਸ ਜਾਗਰੂਕਤਾ ਹਫਤੇ ਦੀ ਸੁਰੂਆਤ ਮੌਕੇ ਵਿਜੀਲੈਂਸ ਬਿਊਰੋ ਦੇ ਸੰਯੁਕਤ ਡਾਇਰੈਕਟਰ ਪ੍ਰਸਾਸਨ ਕੰਵਲਦੀਪ ਸਿੰਘ ਨੇ ਬਿਊਰੋ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਮਾਨਦਾਰੀ ਦੀ ਸਹੁੰ ਚੁਕਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਰਾਹੁਲ ਐਸ. ਅਤੇ ਮੁੱਖ ਦਫਤਰ ਦੇ ਸਮੂਹ ਅਧਿਕਾਰੀ/ਕਰਮਚਾਰੀ ਹਾਜਰ ਸਨ। ਇਸ ਦੌਰਾਨ ਸਾਰੀਆਂ ਵਿਜੀਲੈਂਸ ਰੇਂਜਾਂ ਅਤੇ ਸਬ ਡਵੀਜਨਾਂ ਵਿੱਚ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਗਿਆ ਜਿੱਥੇ ਫੀਲਡ ਅਫਸਰਾਂ ਨੇ ਵਿਜੀਲੈਂਸ ਸਟਾਫ ਨੂੰ ਇਮਾਨਦਾਰੀ ਦੀ ਸਹੁੰ ਚੁਕਾਈ। ਰੇਂਜ ਦੇ ਐਸ.ਐਸ.ਪੀਜ ਨੇ ਇਸ ਜਾਗਰੂਕਤਾ ਹਫਤੇ ਦੌਰਾਨ ਵਿੱਦਿਅਕ ਸੰਸਥਾਵਾਂ ਅਤੇ ਦਫਤਰਾਂ ਵਿੱਚ ਕਰਵਾਏ ਜਾਣ ਵਾਲੇ ਵੱਖ-ਵੱਖ ਜਾਗਰੂਕਤਾ ਪ੍ਰੋਗਰਾਮ ਦੀ ਰੂਪ-ਰੇਖਾ ਵੀ ਉਲੀਕੀ।
Share the post "ਵਿਜੀਲੈਂਸ ਜਾਗਰੂਕਤਾ ਹਫਤੇ ਦੌਰਾਨ ਪੰਜਾਬ ਭਰ ਵਿੱਚ ਜਾਗਰੂਕਤਾ ਫੈਲਾਏਗੀ ਵਿਜੀਲੈਂਸ ਬਿਉਰੋ"