ਚੰਗੇ ਸਮਾਜ ਦੀ ਸਿਰਜਣਾ ਲਈ ਅਧਿਆਪਕਾਂ ਦਾ ਹੈ ਵਡਮੁੱਲਾ ਯੋਗਦਾਨ : ਡਿਪਟੀ ਕਮਿਸ਼ਨਰ
ਸੁਖਜਿੰਦਰ ਮਾਨ
ਬਠਿੰਡਾ, 22 ਫ਼ਰਵਰੀ : ਸੂਬਾ ਸਰਕਾਰ ਸਿਹਤ ਤੇ ਸਿੱਖਿਆ ਦੇ ਖੇਤਰ ਨੂੰ ਵਿਸ਼ੇਸ਼ ਤਰਜੀਹ ਦਿੰਦਿਆਂ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਜਿੱਥੇ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਉੱਥੇ ਹੀ ਇਨ੍ਹਾਂ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਹਮੇਸ਼ਾ ਵਚਨਬੱਧ ਤੇ ਯਤਨਸ਼ੀਲ ਹੈ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਸ਼ਹੀਦ ਸਿਪਾਹੀ ਸੰਦੀਪ ਸਿੰਘ ਸਕੂਲ ਆਫ਼ ਐਮੀਨੈਂਸ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਰਸ ਰਾਮ ਨਗਰ ਤੋਂ ਸਰਕਾਰੀ ਸਕੂਲਾਂ ਚ ਵਿਦਿਆਰਥੀਆਂ ਦੇ ਵੱਧ ਤੋਂ ਵੱਧ ਦਾਖਲੇ ਕਰਵਾਉਣ ਦੇ ਮੱਦੇਨਜ਼ਰ ਚਲਾਈ ਗਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਤੇ ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਸ਼?ਰੀ ਅੰਮ੍ਰਿਤ ਲਾਲ ਅਗਰਵਾਲ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਸਕੂਲੀ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜ਼ਿੰਦਗੀ ਚ ਕਦੇ ਵੀ ਮਿਹਨਤ ਦਾ ਪੱਲਾ ਨਹੀਂ ਛੱਡਣਾ, ਇਨੇ ਗੁਣਵਾਨ ਬਣੋਂ ਕਿ ਲੋਕ ਤੁਹਾਡੇ ਕੋਲ ਅਗਵਾਈ ਲੈਣ ਆਉਣ। ਸੂਬਾ ਸਰਕਾਰ ਦਾ ਪ੍ਰਮੁੱਖ ਨਿਸ਼ਾਨਾ ਸਿਹਤ ਤੇ ਸਿੱਖਿਆ ਹੈ, ਜਿਸ ਚ ਸੁਧਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੌਰਾਨ ਸ. ਗਿੱਲ ਨੇ ਕਿਹਾ ਕਿ ਪੰਜਾਬ ਇੱਕ ਪਹਿਲਾ ਅਜਿਹਾ ਸੂਬਾ ਹੈ, ਜਿਸ ਦੇ ਪ੍ਰਿੰਸੀਪਲ ਸਿੰਘਾਪੁਰ ਤੋਂ ਟਰੇਨਿੰਗ ਲੈ ਕੇ ਆਏ ਹਨ ਤੇ ਸਰਕਾਰ ਵੱਲੋਂ ਆਮ ਲੋਕਾਂ ਨੂੰ ਮੁਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਜ਼ਿਲ੍ਹੇ ਅੰਦਰ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਸਹਾਈ ਸਿੱਧ ਹੋ ਰਹੇ ਹਨ।
ਇਸ ਦੌਰਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਹ ਸਰਕਾਰੀ ਸਕੂਲ ਵਿੱਚ ਪੜ੍ਹੇ ਹਨ ਤੇ ਅੱਜ ਜਿਸ ਮੁਕਾਮ ਤੇ ਪਹੁੰਚੇ ਹਨ ਇਹ ਸਭ ਉਨ੍ਹਾਂ ਨੂੰ ਪੜ੍ਹਾਉਣ ਵਾਲੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੁਆਰਾ ਕੀਤੀ ਸਹੀ ਅਗਵਾਈ ਦਾ ਨਤੀਜਾ ਹੈ।ਡਿਪਟੀ ਕਮਿਸ਼ਨਰ ਨੇ ਜਿੱਥੇ ਅਧਿਆਪਕਾਂ ਨੂੰ ਹੋਰ ਮਿਹਨਤ ਨਾਲ ਪੜ੍ਹਾਉਣ ਲਈ ਪ੍ਰੇਰਿਤ ਕੀਤਾ, ਉੱਥੇ ਉਨ੍ਹਾਂ ਮਾਪਿਆਂ ਨੂੰ ਵੀ ਆਪਣੇ ਬੱਚੇ ਸਰਕਾਰੀ ਸਕੂਲਾਂ ਚ ਪੜ੍ਹਾਉਣ ਦੀ ਅਪੀਲ ਕੀਤੀ। ਕਿਉਂਕਿ ਮੌਜੂਦਾ ਸਮੇਂ ਸਰਕਾਰੀ ਸਕੂਲ ਕਿਸੇ ਵੀ ਤਰ੍ਹਾਂ ਪ੍ਰਾਈਵੇਟ ਸਕੂਲਾਂ ਤੋਂ ਘੱਟ ਨਹੀਂ ਹਨ। ਇਨ੍ਹਾਂ ਸਕੂਲਾਂ ਵਿੱਚ ਉੱਚ ਸਿੱਖਿਆ ਪ੍ਰਾਪਤ ਤੇ ਮਾਹਰ ਅਧਿਆਪਕਾਂ ਵੱਲੋਂ ਪੜ੍ਹਾਈ ਕਰਵਾਈ ਜਾ ਰਹੀ ਹੈ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਮ੍ਰਿੰਤਲਾਲ ਅਗਰਵਾਲ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਸਖ਼ਤ ਮਿਹਨਤ ਸਦਕਾ ਹੀ ਆਪਣੀਆਂ ਮੰਜ਼ਿਲ੍ਹਾ ਨੂੰ ਛੋਹਿਆ ਜਾ ਸਕਦਾ ਹੈ। ਸਕੂਲ ਦੇ ਪ੍ਰਿੰਸੀਪਲ ਗੁਰਮੇਲ ਸਿੰਘ ਸਿੱਧੂ ਦੀ ਅਗਵਾਈ ਵਿੱਚ ਬੱਚਿਆਂ ਵੱਲੋਂ ਪ੍ਰਦਰਸ਼ਨੀ ਲਗਾਈ ਗਈ ਬੱਚਿਆਂ ਵੱਲੋਂ ਮੌਕੇ ਤੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਅਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦਾ ਸਕੈਚ ਤਿਆਰ ਕਰਕੇ ਭੇਂਟ ਕੀਤਾ ਗਿਆ।ਦਾਖਲਾ ਮੁਹਿੰਮ ਤਹਿਤ ਚਲਾਈ ਜਾ ਰਹੀ ਮੋਬਾਇਲ ਵੈਨ ਕੰਪੇਨ ਅੱਜ ਬਠਿੰਡਾ ਦੇ ਸਕੂਲ ਆਫ਼ ਐਮੀਨੈਂਸ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਰਸ ਰਾਮ ਨਗਰ ਤੋਂ ਸ਼ੁਰੂ ਹੋ ਕੇ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੈਨਾਲ ਕਲੋਨੀ ਬਠਿੰਡਾ ਤੋਂ ਹੁੰਦੀ ਹੋਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲ ਸਿੰਘ ਬਸਤੀ ਬਠਿੰਡਾ, ਜੈ ਸਿੰਘ ਵਾਲਾ, ਨਰੂਆਣਾ, ਚੱਕ ਰੁਲਦੂ ਸਿੰਘ ਵਾਲਾ ਤੋਂ ਬਾਅਦ ਸੰਗਤ ਬਲਾਕ ਦੇ ਸਕੂਲਾਂ ਵਿੱਚ ਪਹੁੰਚੀ।ਇਸ ਮੌਕੇ ਸੁਖਦੀਪ ਸਿੰਘ ਐਮਸੀ, ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ਼ਿਵਪਾਲ, ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੇਵਾ ਸਿੰਘ ਤੋਂ ਇਲਾਵਾ ਅਧਿਆਪਕ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।
Share the post "ਵਿਧਾਇਕ ਜਗਰੂਪ ਗਿੱਲ ਨੇ ਸਰਕਾਰੀ ਸਕੂਲਾਂ ਚ ਦਾਖਲਿਆਂ ਸੰਬੰਧੀ ਮੋਬਾਇਲ ਵੈਨ ਕੰਪੇਨ ਦਾ ਕੀਤਾ ਆਗਾਜ਼"