ਕਿਹਾ, ਸ਼ਹੀਦਾਂ ਦੀ ਸ਼ਹਾਦਤ ਦੇ ਅਸੀਂ ਸਾਰੇ ਦੇਸ਼ ਵਾਸੀ ਹਮੇਸ਼ਾ ਰਹਾਂਗੇ ਰਿਣੀ
ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲਹਿਰਾਇਆ ਕੌਮੀ ਝੰਡਾ
ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦਾ ਕੀਤਾ ਸਨਮਾਨ
ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈ ਸਾਈਕਲਾਂ ਦੀ ਕੀਤੀ ਵੰਡ
ਸਕੂਲੀ ਬੱਚਿਆਂ ਵਲੋਂ ਪੇਸ਼ ਕੀਤਾ ਗਿਆ ਸੱਭਿਆਚਾਰਕ ਪ੍ਰੋਗਰਾਮ
ਸੁਖਜਿੰਦਰ ਮਾਨ
ਬਠਿੰਡਾ, 15 ਅਗਸਤ: ਸ਼ਹੀਦ ਕੋਈ ਆਮ ਮੱਨੁਖ ਨਹੀਂ ਹੋ ਸਕਦਾ, ਸ਼ਹੀਦ ਹੋਣ ਦਾ ਮੌਕਾ “ਅਕਾਲ ਪੁਰਖ਼” ਕੇਵਲ ਸੂਰਮਿਆਂ ਨੂੰ ਹੀ ਬਖਸ਼ਦਾ ਹੈ। ਆਜ਼ਾਦੀ ਦੇ ਸੰਘਰਸ਼ ਦੌਰਾਨ ਪੰਜਾਬੀਆਂ ਦੇ ਲਾਸਾਨੀ ਯੋਗਦਾਨ ਦੀ ਮਿਸਾਲ ਪੂਰੇ ਵਿਸ਼ਵ ਚ ਦਿੱਤੀ ਜਾਂਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਇੱਥੇ ਮੁਲਕ ਦੇ 76ਵੇਂ ਆਜ਼ਾਦੀ ਦਿਵਸ ਮੌਕੇ ਬਹੁ ਮੰਤਵੀਂ ਖੇਡ ਸਟੇਡੀਅਮ ਵਿਖੇ ਝੰਡਾ ਲਹਿਰਾਉਣ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਜ਼ਿਲ੍ਹਾ ਪੁਲਿਸ ਮੁਖੀ ਜੇ ਇਲਨਚੇਲੀਅਨ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਆਜ਼ਾਦੀ ਦੇ ਘੋਲ ਵਿੱਚ ਯੋਗਦਾਨ ਪਾਉਣ ਵਾਲੇ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਸ. ਭਗਤ ਸਿੰਘ, ਲਾਲਾ ਲਾਜਪਤ ਰਾਏ, ਸ. ਊਧਮ ਸਿੰਘ, ਸ. ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਰਾਜਗੁਰੂ, ਸੁਖਦੇਵ ਤੇ ਹੋਰ ਅਣਗਿਣਤ ਗੁੰਮਨਾਮ ਕੁਰਬਾਨੀਆਂ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ। ਅਸੀਂ ਸਾਰੇ ਦੇਸ਼ ਵਾਸੀ ਹਮੇਸ਼ਾ ਇਨ੍ਹਾਂ ਸ਼ਹੀਦਾਂ ਦੇ ਰਿਣੀ ਰਹਾਂਗੇ। ਸਾਡੀ ਜਿੰਮੇਵਾਰੀ ਬਣਦੀ ਹੈ ਕਿ ਅਸੀਂ ਆਪਣੇ ਜੀਵਨ ਨੂੰ ਇਸ ਢੰਗ ਨਾਲ ਚਲਾਈਏ ਕਿ ਅਸੀਂ ਇਨ੍ਹਾਂ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰ ਸਕੀਏ।ਇਸ ਮੌਕੇ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅੱਜ ਅਸੀਂ ਆਪਣੇ ਦੇਸ਼ ਦੀ ਆਜ਼ਾਦੀ ਦੇ 75 ਵਰ੍ਹੇ ਪੂਰੇ ਹੋਣ ਦਾ ਜਸ਼ਨ ਮਨਾ ਰਹੇ ਹਾਂ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਮੁਬਾਰਕ ਦਿਨ ਮੌਕੇ ਮੈਂ ਆਪ ਸਭ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਵਧਾਈ ਦਿੰਦਾ ਹਾਂ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਸਾਨੂੰ ਸਾਡੇ ਦੇਸ਼ ਦੇ ਮਹਾਨ ਸ਼ਹੀਦਾਂ ਦੀ ਯਾਦ ਦਿਵਾਉਂਦਾ ਹੈ, ਜਿਨ੍ਹਾਂ ਦੀਆਂ ਕੁਰਬਾਨੀਆਂ ਸਦਕੇ ਹੀ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।ਇਸ ਦੌਰਾਨ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੋਲਦਿਆਂ ਕਿਹਾ ਕਿ ਅੱਜ ਦੇ ਇਸ ਮਹਾਨ ਦਿਨ ਅਸੀ ਆਪਣੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹੀਦ ਹੋਏ ਫੌਜੀਆਂ ਨੂੰ ਵੀ ਆਪਣੀ ਸ਼ਰਧਾਂਜਲੀ ਭੇਟ ਕਰਦੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਭਾਰਤ ਦੀ ਫੌਜ ਤੇ ਮਾਣ ਹੈ ਜਿਨ੍ਹਾਂ ਦੀ ਮਿਹਨਤ ਅਤੇ ਕੁਰਬਾਨੀਆਂ ਸਦਕਾ ਅਸੀਂ ਅਮਨ ਸ਼ਾਤੀ ਨਾਲ ਆਪਣੇ ਤਿਉਹਾਰ ਤੇ ਮਹਾਨ ਦਿਨ ਮਨਾਉਂਦੇ ਹਾਂ।
ਇਸ ਤੋਂ ਪਹਿਲਾ ਸ. ਸੰਧਵਾਂ ਨੇ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਪ੍ਰੇਡ ਦਾ ਨਿਰੀਖਣ ਕੀਤਾ। ਇਸ ਦੌਰਾਨ ਪ੍ਰੇਡ ਕਮਾਂਡਰ ਡੀਐਸਪੀ ਸਿਟੀ-1 ਸ. ਵਿਸ਼ਵਜੀਤ ਸਿੰਘ ਦੀ ਰਹਿਨੁਮਾਈ ਹੇਠ ਵੱਖ-ਵੱਖ ਟੁਕੜੀਆਂ ਵਲੋਂ ਮੁੱਖ ਮਹਿਮਾਨ ਸ. ਸੰਧਵਾਂ ਜੀ ਨੂੰ ਸਲਾਮੀ ਦਿੱਤੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਆਪਣੇ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਹੋਈਆਂ ਝਾਕੀਆਂ ਪੇਸ਼ ਕੀਤੀਆਂ ਗਈਆਂ।ਸਮਾਗਮ ਦੌਰਾਨ ਵੱਖ-ਵੱਖ ਸਕੂਲੀ ਕਰੀਬ 1500 ਵਿਦਿਆਰਥੀਆਂ ਵਲੋਂ ਸ਼ਾਨਦਾਰ ਪੀ.ਟੀ. ਸ਼ੋਅ ਤੋਂ ਇਲਾਵਾ ਦੇਸ਼ ਭਗਤੀ ਨਾਲ ਸਬੰਧਤ ਗੀਤਾਂ ’ਤੇ ਕੋਰੀਓਗ੍ਰਾਫੀਆਂ ਵੀ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਲੜਕੀਆਂ ਵਲੋਂ ਪੰਜਾਬ ਦਾ ਪ੍ਰਸਿੱਧ ਲੋਕ ਨਾਚ ਗਿੱਧਾ ਅਤੇ ਲੜਕਿਆਂ ਵਲੋਂ ਪਾਇਆ ਭੰਗੜਾ ਅਤੇ ਮਲਵਈ ਗਿੱਧਾ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ। ਸਮਾਗਮ ਦੇ ਅੰਤ ਵਿੱਚ ਸੇਂਟ ਜੇਵੀਅਰ ਸਕੂਲ ਦੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ। ਸਮਾਗਮ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵਲੋਂ ਆਜ਼ਾਦੀ ਘੁਲਾਟੀਆਂ ਅਤੇ ਜੰਗੀ ਵਿਧਾਵਾਵਾਂ ਦੇ ਪਰਿਵਾਰਾਂ, ਪ੍ਰੇਡ ਕਮਾਂਡਰ ਡੀਐਸਪੀ ਸਿਟੀ-1 ਸ. ਵਿਸ਼ਵਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਖੇਤਰਾਂ ਚ ਮੱਲ੍ਹਾਂ ਮਾਰਨ ਵਾਲੀਆਂ ਸਖਸ਼ੀਅਤਾਂ ਤੋਂ ਇਲਾਵਾਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈ ਸਾਈਕਲਾਂ ਦੀ ਵੰਡ ਵੀ ਕੀਤੀ ਗਈ।
ਸਮਾਗਮ ਦੌਰਾਨ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਗਿੱਲ, ਵਿਧਾਇਕ ਬਠਿੰਡਾ (ਦਿਹਾਤੀ) ਸ਼੍ਰੀ ਅਮਿਤ ਰਤਨ, ਵਿਧਾਇਕ ਭੁੱਚੋਂ ਮੰਡੀ ਮਾਸਟਰ ਜਗਸੀਰ ਸਿੰਘ, ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸ਼੍ਰੀ ਸੁਮਿੱਤ ਮਲਹੋਤਰਾ, ਡਾਇਰੈਕਟਰ ਏਮਜ਼ ਡਾ. ਡੀਕੇ ਸਿੰਘ, ਵਾਇਸ ਚਾਂਸਲਰ ਸੈਂਟਰਲ ਯੂਨੀਵਰਸਿਟੀ ਪ੍ਰੋ: ਰਾਘਵੇਂਦਰ ਪੀ. ਤਿਵਾਰੀ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ, ਐਸਡੀਐਮ ਸ਼੍ਰੀਮਤੀ ਇਨਾਯਤ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਸਹਾਇਕ ਕਮਿਸ਼ਨਰ ਸ. ਸਾਰੰਗਪ੍ਰੀਤ ਸਿੰਘ ਔਜਲਾ, ਆਮ ਆਦਮੀ ਪਾਰਟੀ ਦੇ ਸੂਬਾ ਬੁਲਾਰੇ ਤੇ ਜੁਆਇੰਟ ਸੈਕਟਰੀ ਸ੍ਰੀ ਨੀਲ ਗਰਗ, ਟ੍ਰੇਡ ਵਿੰਗ ਦੇ ਸੂਬਾ ਪ੍ਰਧਾਨ ਸ਼੍ਰੀ ਅਨਿੱਲ ਠਾਕੁਰ, ਸੂਬਾ ਬੁਲਾਰਾ ਤੇ ਲੀਗਲ ਸੈਲ ਦੇ ਵਾਈਸ ਪ੍ਰਧਾਨ ਐਡਵੋਕੇਟ ਨਵਦੀਪ ਸਿੰਘ ਜੀਦਾ, ਲੋਕ ਸਭਾ ਇਚਾਰਜ ਸ਼੍ਰੀ ਰਾਕੇਸ਼ ਪੁਰੀ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼੍ਰੀ ਅਮ੍ਰਿਤਲਾਲ ਅਗਰਵਾਲ, ਦਿਹਾਤੀ ਪ੍ਰਧਾਨ ਸ਼੍ਰੀ ਗੁਰਜੰਟ ਸਿਵੀਆ, ਬੀਸੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮੈਡਮ ਮਨਦੀਪ ਕੌਰ ਰਾਮਗੜੀਆ, ਜ਼ਿਲ੍ਹਾ ਯੂਥ ਪ੍ਰਧਾਨ ਅਮਰਦੀਪ ਰਾਜਨ ਆਦਿ ਸਖ਼ਸ਼ੀਅਤਾਂ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਮੇਵਾ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਇਕਬਾਲ ਸਿੰਘ, ਰੈਡ ਕਰਾਸ ਸੁਸਾਇਟੀ ਦੇ ਸੈਕਟਰੀ ਸ਼੍ਰੀ ਦਰਸ਼ਨ ਕੁਮਾਰ ਆਦਿ ਉਚ ਅਧਿਕਾਰੀ ਹਾਜ਼ਰ ਸਨ।
Share the post "ਸ਼ਹੀਦ ਹੋਣ ਦਾ ਮੌਕਾ “ਅਕਾਲ ਪੁਰਖ਼” ਸਿਰਫ਼ ਸੂਰਮਿਆਂ ਨੂੰ ਹੀ ਬਖਸ਼ਦਾ ਹੈ : ਕੁਲਤਾਰ ਸਿੰਘ ਸੰਧਵਾਂ"