ਸੁਖਜਿੰਦਰ ਮਾਨ
ਬਠਿੰਡਾ, 17 ਦਸੰਬਰ :- ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ਅਕਾਲੀ ਦਲ ਅੰਮਿ੍ਰਤਸਰ ਨੇ ਵੀ ਚੋਣ ਵਿਗਲ ਵਜਾਉਂਦਿਆਂ ਅਪਣੀ ਪਾਰਟੀ ਦੇ 43 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ। ਸਥਾਨਕ ਸਰਕਟ ਹਾਊਸ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪਾਰਟੀ ਦੇ ਚੋਣ ਮੈਨੀਫੈਸਟੋ ਵੀ ਜਾਰੀ ਕਰਦਿਆਂ ਐਲਾਨ ਕੀਤਾ ਕਿ ਸਰਕਾਰ ਬਣਨ ’ਤੇ ਲੋਕਾਂ ਨੂੰ ਸਿੱਖਿਆ ਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ ਨੌਜਵਾਨਾਂ ਨੂੰ ਰੁਜਗਾਰ ਤੇ ਖ਼ਾਸ ਕਰਕੇ ਪਾਕਿਸਤਾਨ ਨਾਲ ਬਾਰਡਰ ਖੋਲ੍ਹ ਕੇ ਹਰ ਤਰ੍ਹਾਂ ਦਾ ਵਪਾਰ ਸ਼ੁਰੂ ਕਰਨ ਲਈ ਯਤਨ ਕਰਨਗੇ। ਉਨ੍ਹਾਂ ਦੱਸਿਆ ਕਿ ਪਾਰਟੀ ਵੱਲੋਂ ਜ਼ਮੀਨੀ ਪੱਧਰ ਦੇ ਪਾਣੀ ਨੂੰ ਉੱਚਾ ਚੱਕਣ ,ਹੋਰਨਾਂ ਸੂਬਿਆਂ ਨੂੰ ਜਾਂਦੇ ਫਾਲਤੂ ਪਾਣੀ ਨੂੰ ਰੋਕਣ ਲਈ ਵੀ ਯਤਨ ਹੋਣਗੇ ਅਤੇ ਪਾਰਟੀ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਚੀਜ਼ ਮੁਫ਼ਤ ਨਹੀਂ ਹੋਵੇਗੀ ਪਰ ਹਾਲਾਤ ਅਜਿਹੇ ਬਣਾਏ ਜਾਣਗੇ ਕਿ ਕਿਸੇ ਵੀ ਪਰਿਵਾਰ ਨੂੰ ਔਖ ਨਹੀਂ ਝੱਲਣੀ ਪਵੇਗੀ। ਇਸ ਮੌਕੇ ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ 84 ਕਤਲੇਆਮ ਦੇ ਦੋਸ਼ੀਆਂ ਨੂੰ ਇਨਸਾਫ ਦਿਵਾਉਣ ਲਈ ਕੇਜਰੀਵਾਲ ਹਾਲੇ ਤੱਕ ਵਿਧਾਨ ਸਭਾ ਵਿੱਚ ਮਤਾ ਪਾਸ ਨਹੀਂ ਕਰ ਸਕੇ, ਨਾ ਹੀ ਉਨ੍ਹਾਂ ਦੀ ਕੈਬਨਿਟ ਵਿੱਚ ਅੱਜ ਤਕ ਕਿਸੇ ਸਿੱਖ ਚਿਹਰੇ ਨੂੰ ਨੁਮਾਇੰਦਗੀ ਮਿਲੀ ਹੈ, ਫਿਰ ਉਹ ਪੰਜਾਬ ਵਿੱਚ ਸਿੱਖਾਂ ਨੂੰ ਗੁੰਮਰਾਹ ਕਰਨ ਦੇ ਬਿਆਨ ਦੇ ਰਹੇ ਹਨ।ਉਨ੍ਹਾਂ ਕਿਹਾ ਕਿ ਪਾਰਟੀ ਦਾ ਏਜੰਡਾ ਬੇਅਦਬੀ ਦੀਆਂ ਘਟਨਾਵਾਂ ਦਾ ਇਨਸਾਫ, 328 ਸਰੂਪ ਸਭ ਚੋਰੀ ਹੋਣ ਦੇ ਮਾਮਲੇ ਦੀ ਜਾਂਚ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਿਰਪੱਖ ਤੌਰ ਤੇ ਚੋਣਾਂ ਕਰਵਾਉਣ ਦੇ ਯਤਨ ਅਤੇ ਨਸ਼ਿਆਂ ਖ਼ਿਲਾਫ਼ ਇੱਕ ਲਹਿਰ ਖੜ੍ਹੀ ਕਰਨਾ ਵੀ ਮੁੱਖ ਮੁੱਦਾ ਹੋਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਪ੍ਰੋ ਮਹਿੰਦਰਪਾਲ ਸਿੰਘ ਖਾਲਸਾ, ਗੁਰਸੇਵਕ ਸਿੰਘ ਜਵਾਹਰਕੇ, ਕੁਲਦੀਪ ਸਿੰਘ ਭਾਗੋਵਾਲ, ਗੁਰਜੰਟ ਸਿੰਘ ਕੱਟੂ,ਸ੍ਰ ਅਵਤਾਰ ਸਿੰਘ ਖੱਖ,ਪਰਮਿੰਦਰ ਸਿੰਘ ਬਾਲਿਆਂਵਾਲੀ,ਅਮਰਿੰਦਰ ਸਿੰਘ ਸੋਲਖੀਆ, ਰਣਦੀਪ ਸਿੰਘ ਸੰਧੂ, ਸੁਖਦੇਵ ਸਿੰਘ ਕਾਲਾ ,ਹਰਫੂਲ ਸਿੰਘ ਬਠਿੰਡਾ,ਰਣਜੀਤ ਸਿੰਘ ਵਾਂਦਰ, ਅਮਰਿੰਦਰ ਸਿੰਘ, ਸਿਮਰਨਜੋਤ ਸਿੰਘ ਖਾਲਸਾ ਆਦਿ ਹਾਜਰ ਸਨ।
Share the post "ਸ਼੍ਰੋਮਣੀ ਅਕਾਲੀ ਦਲ ਅੰਮਿ੍ਰਤਸਰ ਨੇ ਕੀਤਾ ਵਿਧਾਨ ਸਭਾ ਚੋਣਾਂ ਲਈ 43 ਉਮੀਦਵਾਰਾਂ ਦਾ ਐਲਾਨ"