ਸਾਰੇ ਸਾਈਨ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉੱਪਰਲੇ ਪਾਸੇ ਪੰਜਾਬੀ ਭਾਸ਼ਾ ਤੇ ਹੇਠਾਂ ਹੋਰਨਾਂ ਭਾਸ਼ਾਵਾਂ ਨੂੰ ਦਿੱਤੀ ਜਾਵੇ ਤਰਜੀਹ : ਜ਼ਿਲ੍ਹਾ ਭਾਸ਼ਾ ਅਫ਼ਸਰ
ਸੁਖਜਿੰਦਰ ਮਾਨ
ਬਠਿੰਡਾ, 3 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਤੇ ਪੂਰਾ ਮਾਣ-ਸਨਮਾਨ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਅਧੀਨ ਜ਼ਿਲ੍ਹੇ ਦੇ ਸਾਰੇ ਸਾਈਨ ਬੋਰਡ 15 ਫ਼ਰਵਰੀ 2023 ਤੱਕ ਪੰਜਾਬੀ ਭਾਸ਼ਾ ਵਿੱਚ ਲਿਖਣੇ ਲਾਜ਼ਮੀ ਬਣਾਏ ਜਾਣ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪੰਜਾਬੀ ਭਾਸ਼ਾ ਨੂੰ ਲੈ ਕੇ ਇੱਕ ਵਿਸ਼ੇਸ਼ ਬੈਠਕ ਦੌਰਾਨ ਕੀਤਾ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪੋ-ਆਪਣੇ ਵਿਭਾਗ ਨਾਲ ਸਬੰਧਤ ਨਾਮ ਪੱਟੀਆਂ/ਸਾਈਨ ਬੋਰਡਾਂ ਨੂੰ ਪੰਜਾਬੀ ਭਾਸ਼ਾ ਵਿਚ ਲਿਖਿਆ ਜਾਣਾ ਯਕੀਨੀ ਬਣਾਉਣ। ਉਨ੍ਹਾਂ ਸਮੂਹ ਬੀ.ਡੀ.ਪੀਓਜ਼ ਅਤੇ ਈ.ਓਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਪਹਿਲ ਦੇ ਆਧਾਰ ‘ਤੇ ਇਸ ਕੰਮ ਨੂੰ ਤਵੱਜੋ ਦੇਣਾ ਲਾਜ਼ਮੀ ਬਣਾਉਣ। ਇਸ ਦੌਰਾਨ ਜ਼ਿਲ੍ਹਾ ਭਾਸ਼ਾ ਅਫ਼ਸਰ ਕਿਰਪਾਲ ਸਿੰਘ ਨੇ ਦੱਸਿਆ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਦੇ ਮੱਦੇਨਜ਼ਰ ਸੂਬਾ ਸਰਕਾਰ ਵਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮੁੱਚੇ ਜ਼ਿਲ੍ਹੇ ‘ਚ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਨੂੰ ਵਧੇਰੇ ਮਹੱਤਤਾ ਦੇਣ ਲਈ ਸਮੂਹ ਸਰਕਾਰੀ, ਅਰਧ ਸਰਕਾਰੀ, ਵਿਭਾਗਾਂ, ਅਦਾਰਿਆਂ, ਬੋਰਡਾਂ, ਨਿਗਮਾਂ ਤੇ ਗ਼ੈਰ-ਸਰਕਾਰੀ ਸੰਸਥਾਵਾਂ, ਪਬਲਿਕ ਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਤੇ ਸੜਕਾਂ ਦੇ ਨਾਮ/ਨਾਮ ਪੱਟੀਆਂ/ਮੀਲ ਪੱਥਰ/ਸਾਈਨ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉੱਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ ਅਤੇ ਜੇਕਰ ਕਿਸੇ ਹੋਰ ਭਾਸ਼ਾ ਵਿਚ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ ਤੋਂ ਹੇਠਾਂ ਲਿਖਿਆ ਜਾਵੇ। ਉਨ੍ਹਾਂ ਕਿਹਾ ਕਿ ਹੁਕਮਾਂ ਦੀ ਪਾਲਣਾ ਨਾ ਕੀਤੇ ਜਾਣ ਦੀ ਸੂਰਤ ਵਿਚ ਸਬੰਧਤ ਖਿਲਾਫ਼ ਪੰਜਾਬ ਰਾਜ ਭਾਸ਼ਾ ਐਕਟ 1967 ਅਧੀਨ ਜੁਰਮਾਨਾ ਲਗਾਉਣ ਤੋਂ ਇਲਾਵਾ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਪੂਰਨ ਸਹਿਯੋਗ ਦਿੱਤਾ ਜਾਵੇ। ਇਸ ਮੌਕੇ ਸਿਖਲਾਈ ਅਧੀਨ ਆਈਏਐਸ ਮੈਡਮ ਮਾਨਸੀ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਇੰਦਰਜੀਤ ਸਿੰਘ, ਜ਼ਿਲ੍ਹਾ ਭਾਸ਼ਾ ਦਫ਼ਤਰ ਤੋਂ ਖੋਜ ਅਫ਼ਸਰ ਨਵਪ੍ਰੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਮੇਵਾ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ, ਸਹਾਇਕ ਖੋਜ ਅਫ਼ਸਰ ਸ੍ਰੀ ਰਣਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।
Share the post "ਸਰਕਾਰੀ, ਗ਼ੈਰ ਸਰਕਾਰੀ, ਪ੍ਰਾਈਵੇਟ ਤੇ ਵਪਾਰਕ ਅਦਾਰੇ 15 ਫ਼ਰਵਰੀ ਤੱਕ ਆਪਣੇ ਸਾਈਨ ਬੋਰਡ ਪੰਜਾਬੀ ਭਾਸ਼ਾ ਚ ਲਿਖਣੇ ਬਣਾਉਣ ਲਾਜ਼ਮੀ : ਸ਼ੌਕਤ ਅਹਿਮਦ ਪਰੇ"