ਸੁਖਜਿੰਦਰ ਮਾਨ
ਬਠਿੰਡਾ, 14 ਅਕਤੂਬਰ :ਸਿਵਲ ਸਰਜਨ ਡਾਕਟਰ ਤੇਜਵੰਤ ਸਿੰਘ ਢਿੱਲੋਂ ਵਲੋਂ ਅੱਜ ਸਿਵਲ ਹਸਪਤਾਲ ਬਠਿੰਡਾ ਦਾ ਨਿਰੀਖਣ ਦੌਰਾ ਕੀਤਾ ਗਿਆ।ਉਨ੍ਹਾਂ ਵਲੋਂ ਐਮਰਜੈਂਸੀ ਵਿੰਗ, ਡੇਂਗੂ ਵਾਰਡ, ਸਰਜੀਕਲ ਵਾਰਡ ਅਤੇ ਬਲੱਡ ਬੈਂਕ ਦੀ ਚੈਕਿੰਗ ਕੀਤੀ ਗਈ।ਇਸ ਮੌਕੇ ਉਨ੍ਹਾਂ ਵਲੋਂ ਸੀਨੀਅਰ ਮੈਡੀਕਲ ਅਫ਼ਸਰ, ਸਿਵਲ ਹਸਪਤਾਲ ਬਠਿੰਡਾ ਨੂੰ ਹਦਾਇਤ ਕੀਤੀ ਕਿ ਡੇਂਗੂ ਅਤੇ ਕੋਵਿਡ-19 ਨੂੰ ਧਿਆਨ ਵਿਚ ਰੱਖਦੇ ਹੋਏ ਸਾਫ-ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ। ਇਸ ਤੋਂ ਇਲਾਵਾ ਡੇਂਗੂ ਦੇ ਮਰੀਜ਼ਾਂ ਨੂੰ ਪਲੇਟਲੈਟ ਰਿਚ ਪਲਾਜ਼ਮਾ (ਪੀ.ਆਰ.ਪੀ) ਅਤੇ ਸਿੰਗਲ ਡੋਜ਼ ਪਲਾਜ਼ਮਾ (ਐਸ.ਡੀ.ਪੀ.) ਲੋੜ ਪੈਣ ’ਤੇ ਦੇਣਾ ਯਕੀਨੀ ਬਣਾਇਆ ਜਾਵੇ।ਉਨ੍ਹਾਂ ਵਲੋਂ ਮਰੀਜ਼ਾਂ ਨਾਲ ਉਨ੍ਹਾਂ ਦੀ ਬੀਮਾਰੀ ਸਬੰਧੀ ਗੱਲਬਾਤ ਕੀਤੀ ਗਈ।ਇਸ ਮੌਕੇ ਉਨ੍ਹਾਂ ਬਲੱਡ ਬੈਂਕ ਦੇ ਇੰਚਾਰਜ ਨੂੰ ਬਲੱਡ ਸਟੋਰੇਜ ਰੱਖਣ ਬਾਰੇ ਹਦਾਇਤਾਂ ਜਾਰੀ ਕੀਤੀਆਂ। ਐਮਰਜੈਂਸੀ ਦੇ ਵਿਚ ਮੈਡੀਸਨ ਸਟਾਕ ਸਹੀ ਮਾਤਰਾ ਵਿਚ ਰੱਖਣ ਲਈ ਵੀ ਹਦਾਇਤ ਕੀਤੀ। ਇਸ ਤੋਂ ਇਲਾਵਾ ਮੈਡੀਕਲ ਅਫ਼ਸਰ ਅਤੇ ਸਟਾਫ਼ ਨੂੰ ਵੀ ਕੰਮ, ਕਮਰਿਆਂ ਅਤੇ ਬਾਥਰੂਮਾਂ ਦੀ ਸਫ਼ਾਈ ਸਬੰਧੀ ਖਿਆਲ ਰੱਖਣ ਲਈ ਕਿਹਾ। ਇਸ ਮੌਕੇ ਉਨ੍ਹਾਂ ਨਾਲ ਐਸ.ਐਮ.ਓ ਮਨਿੰਦਰਪਾਲ ਸਿੰਘ ਅਤੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਜਗਤਾਰ ਸਿੰਘ ਬਰਾੜ ਹਾਜ਼ਰ ਸਨ।