ਲੋਕ ਮਸਲਿਆਂ ਦਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ ਨਿਪਟਾਰਾ : ਡਿਪਟੀ ਕਮਿਸ਼ਨਰ
ਸੁਖਜਿੰਦਰ ਮਾਨ
ਬਠਿੰਡਾ, 28 ਮਾਰਚ: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਦੀ ਬਿਹਤਰੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਹ ਜਾਣਕਾਰੀ ਵਿਧਾਇਕ ਮੌੜ ਸੁਖਵੀਰ ਸਿੰਘ ਮਾਈਸਰਖਾਨਾ ਅਤੇ ਵਿਧਾਇਕ ਭੁੱਚੋਂ ਮੰਡੀ ਮਾਸਟਰ ਜਗਸੀਰ ਸਿੰਘ ਵਲੋਂ ਆਪੋਂ-ਆਪਣੇ ਹਲਕਿਆਂ ਦੀਆਂ ਸਮੱਸਿਆ ਦੇ ਨਿਪਟਾਰੇ ਅਤੇ ਵਿਕਾਸ ਕਾਰਜਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਕੀਤੀ ਗਈ ਵਿਸ਼ੇਸ਼ ਬੈਠਕ ਦੌਰਾਨ ਸਾਂਝੀ ਕੀਤੀ। ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਵਿਸ਼ਵਾਸ ਦਿਵਾਇਆ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਕੀਤਾ ਜਾਵੇਗਾ। ਵਿਧਾਇਕਾਂ ਵਲੋਂ ਕੀਤੀ ਗਈ ਪਲੇਠੀ ਬੈਠਕ ਦੌਰਾਨ ਆਪੋਂ-ਆਪਣੇ ਹਲਕੇ ਨਾਲ ਸਬੰਧਤ ਸਮੱਸਿਆਵਾਂ ਜਿਵੇਂ ਕਿ ਪੀਣ ਵਾਲੇ ਪਾਣੀ, ਸੀਵਰੇਜ਼, ਸੜਕਾਂ, ਸਕੂਲਾਂ, ਸਿਹਤ ਵਿਭਾਗ ਨਾਲ ਸਬੰਧਤ ਹਸਪਤਾਲਾਂ ਅਤੇ ਡਿਸਪੈਂਸਰੀਆਂ ਤੋਂ ਇਲਾਵਾ ਜ਼ਿਲ੍ਹੇ ਅੰਦਰ ਹੋਰ ਚੱਲ ਰਹੇ ਵਿਕਾਸ ਕਾਰਜਾਂ ਤੇ ਨਵੇਂ ਹੋਣ ਵਾਲੇ ਕੰਮਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਬੈਠਕ ਦੌਰਾਨ ਵਿਧਾਇਕਾਂ ਵਲੋਂ ਮਗਨਰੇਗਾ ਸਕੀਮ ਤਹਿਤ ਕੀਤੇ ਜਾਣ ਵਾਲੇ ਕੰਮਾਂ ਦੀ ਜਾਣਕਾਰੀ ਹਾਸਲ ਕੀਤੀ ਅਤੇ ਵਿਕਾਸ ਕਾਰਜਾਂ ਨੂੰ ਮਗਨਰੇਗਾ ਰਾਹੀਂ ਕਰਵਾਉਣ ਨੂੰ ਤਰਜੀਹ ਦੇਣ ਲਈ ਕਿਹਾ। ਇਸ ਦੌਰਾਨ ਹਲਕਾ ਮੌੜ ਦੇ ਵਿਧਾਇਕ ਵਲੋਂ ਪਿੰਡ ਮਾਈਸਰਖਾਨਾ ਵਿੱਚ ਸੀਵਰੇਜ਼ ਅਤੇ ਨਿਕਾਸੀ ਦੇ ਪਾਣੀ ਦੀ ਸਮੱਸਿਆ ਉਠਾਉਣ ਤੇ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਤਰੁੰਤ ਮਾਈਸਰਖਾਨਾ ਦਾ ਦੌਰਾ ਕਰਕੇ ਜਾਂਚ-ਪੜ੍ਹਤਾਲ ਕਰਨ ਦੀ ਹਦਾਇਤ ਕੀਤੀ ਅਤੇ ਜਲਦ ਹੀ ਇਸ ਸਮੱਸਿਆ ਦਾ ਹੱਲ ਕਰਨ ਲਈ ਕਿਹਾ।
ਇਸੇ ਤਰ੍ਹਾਂ ਗੋਨਿਆਣਾ ਵਿਖੇ ਸਾਫ਼-ਸਫ਼ਾਈ ਦੇ ਮਾੜੇ ਪ੍ਰਬੰਧਾਂ ਦੀ ਸਮੱਸਿਆ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਵਲੋਂ ਸਾਹਮਣੇ ਲਿਆਉਣ ਤੇ ਡਿਪਟੀ ਕਮਿਸ਼ਨਰ ਵਲੋਂ ਇਸ ਦਾ ਵੀ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਨਿਪਟਾਰਾ ਕਰਨ ਲਈ ਕਿਹਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਰਿੰਦਰ ਪਾਲ ਸਿੰਘ, ਐਸਡੀਐਮ ਬਠਿੰਡਾ ਸ਼੍ਰੀ ਕੰਵਰਜੀਤ ਸਿੰਘ, ਐਸਡੀਐਮ ਰਾਮਪੁਰਾ ਨਵਦੀਪ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ, ਸਬੰਧਤ ਬੀਡੀਪੀਓਜ਼, ਈਓਜ਼ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Share the post "ਹਲਕਾ ਮੌੜ ਤੇ ਭੁੱਚੋਂ ਦੇ ਵਿਧਾਇਕਾਂ ਹਲਕਿਆਂ ਦੇ ਵਿਕਾਸ ਕੰਮਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ"